ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਸਿਆਸੀ ਭਵਿੱਖ ਨੂੰ ਲੈ ਕੇ ਹੋ ਰਹੀਆਂ ਚਰਚਾਵਾਂ ’ਤੇ ਰੋਕ ਲਗਾ ਦਿੱਤੀ ਹੈ। ਭਾਜਪਾ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੀ ਉਸ ਰਾਜ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ, ਜੋ ਕੇਂਦਰੀ ਮੰਤਰੀ ਐੱਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ।
74 ਸਾਲਾ ਪੁਰੀ ਹੁਣ ਕੇਂਦਰੀ ਮੰਤਰੀ ਮੰਡਲ ਵਿੱਚ ਬਣੇ ਰਹਿਣਗੇ, ਜਿਸ ਨਾਲ ਭਾਜਪਾ ਨੇ ਮੋਦੀ ਮੰਤਰੀ ਮੰਡਲ ਵਿੱਚ ਆਪਣੇ ਇਕਲੌਤੇ ਸਿੱਖ ਚਿਹਰੇ ਨੂੰ ਬਰਕਰਾਰ ਰੱਖਿਆ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੀਆਂ ਦੋ-ਸਾਲਾ ਰਾਜ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਨਾ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਿਆਸੀ ਭਵਿੱਖ ’ਤੇ ਸਵਾਲ ਖੜ੍ਹੇ ਹੋ ਰਹੇ ਸਨ। ਯੂ.ਪੀ. ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਨਕ ਆਗੂਆਂ ਨੂੰ ਤਰਜੀਹ ਦਿੱਤੀ ਗਈ ਸੀ।
ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਅਹਿਮ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੁਰੀ ’ਤੇ ਮੁੜ ਭਰੋਸਾ ਜਤਾ ਕੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਸਾਧਣ ਦੀ ਕੋਸ਼ਿਸ਼ ਕੀਤੀ ਹੈ। ਹਾਲ ਹੀ ਦੇ ਦਿਨਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਧਿਰ ਵੱਲੋਂ ਜੈਫਰੀ ਐਪਸਟੀਨ ਨਾਲ ਕਥਿਤ ਸਬੰਧਾਂ ਦੇ ਦੋਸ਼ਾਂ ਨੂੰ ਲੈ ਕੇ ਪੁਰੀ ਨੂੰ ਲਗਾਤਾਰ ਨਿਸ਼ਾਨੇ ’ਤੇ ਲਿਆ ਜਾ ਰਿਹਾ ਸੀ।
ਪ੍ਰਧਾਨ ਮੰਤਰੀ ਨੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੂੰ ਦੁਬਾਰਾ ਰਾਜ ਸਭਾ ਭੇਜਣ ਦਾ ਫ਼ੈਸਲਾ ਕਰਕੇ ਉਨ੍ਹਾਂ ਦੇ ਪਿੱਛੇ ਚਟਾਨ ਵਾਂਗ ਖੜ੍ਹਨ ਦਾ ਸਪੱਸ਼ਟ ਸੰਕੇਤ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਦੀਪ ਪੁਰੀ ਨੇ ਸਾਲ 2019 ਵਿੱਚ ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ, ਜਿੱਥੇ ਉਨ੍ਹਾਂ ਨੂੰ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।



