Imran Khan Apology: ਬੰਬੇ ਹਾਈ ਕੋਰਟ ਨੇ ਅਮਰੀਕੀ ਨਾਗਰਿਕ ਤੇ ਅਦਾਕਾਰ ਇਮਰਾਨ ਖਾਨ ਦੀ ਸੀ ਈ ਸੀ-ਐੱਸ ਆਈ ਆਰ ਮੁੱਦੇ ’ਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ’ਤੇ ਖਿਚਾਈ ਕਰਦਿਆਂ ਕਿਹਾ ਕਿ ਭਾਰਤ ਵਿਚ ਵਿਰੋਧ ਪ੍ਰਦਰਸ਼ਨ ਕਰਨ ਦਾ ਬੁਨਿਆਦੀ ਹੱਕ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹਾਸਲ ਹੈ। ਇਸ ਮਗਰੋਂ ਅਦਾਕਾਰ ਨੇ ਅਦਾਲਤ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ।
ਚੀਫ਼ ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ ਅਤੇ ਜਸਟਿਸ ਅਦਵੈਤ ਸੇਠਨਾ ਦੇ ਬੈਂਚ ਨੇ ਕਿਹਾ ਕਿ ਭਾਰਤ ਦੀ ਉਦਾਰਤਾ ਇਸ ਗੱਲ ਤੋਂ ਹੈ ਕਿ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ ਸੀ ਆਈ) ਕਾਰਡ ਰੱਖਣ ਵਾਲੇ ਅਮਰੀਕੀ ਨਾਗਰਿਕ ਨੂੰ ਤੁਰੰਤ ਦੇਸ਼ ’ਚੋਂ ਕੱਢਣ ਦੀ ਬਜਾਏ ਪਹਿਲਾਂ ਨੋਟਿਸ ਜਾਰੀ ਕਰਕੇ ਭਾਰਤ ਛੱਡਣ ਲਈ ਕਿਹਾ ਜਾਂਦਾ ਹੈ।
ਇਮਰਾਨ ਖਾਨ ਦੇ ਵਕੀਲ ਵੈਂਕਟੇਸ਼ ਧੋਂਡ ਨੇ ਤੁਰੰਤ ਅਦਾਲਤ ਵਿੱਚ ਹਲਫ਼ਨਾਮਾ ਪੇਸ਼ ਕਰਦਿਆਂ ਭਰੋਸਾ ਦਿੱਤਾ ਕਿ ਅਦਾਕਾਰ ਭਵਿੱਖ ਵਿੱਚ ਕਿਸੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਵੱਲੋਂ ਅਦਾਲਤ ਵਿੱਚ ਬਿਨਾਂ ਸ਼ਰਤ ਮੁਆਫ਼ੀ ਵੀ ਮੰਗੀ ਗਈ।
7 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਹਾਈ ਕੋਰਟ ਨੇ ਇਮਰਾਨ ਖਾਨ ਵੱਲੋਂ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (ਐੱਫ ਆਰ ਆਰ ਓ) ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅਗਲੀ ਸੁਣਵਾਈ 7 ਦਸੰਬਰ ਨੂੰ ਤੈਅ ਕੀਤੀ ਹੈ। ਇਸ ਨੋਟਿਸ ਵਿੱਚ ਉਨ੍ਹਾਂ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਗਿਆ ਸੀ। ਇਹ ਨੋਟਿਸ ਪਿਛਲੇ ਮਹੀਨੇ ਮੁੰਬਈ ਵਿੱਚ ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਗਿਆਨੇਸ਼ ਕੁਮਾਰ ਵਿਰੁੱਧ ਐੱਸ ਆਈ ਆਰ ਮੁੱਦੇ ’ਤੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਕਾਰਨ ਜਾਰੀ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਅੱਜ ਬੰਬੇ ਹਾਈ ਕੋਰਟ ਨੇ ਅਦਾਕਾਰ ਇਮਰਾਨ ਖਾਨ ਨੂੰ ‘ਐੱਸ ਆਈ ਆਰ’ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਸੀ। ਅਦਾਲਤ ਨੇ ਉਨ੍ਹਾਂ ਨੂੰ ਇਕ ਹਲਫ਼ਨਾਮਾ (ਅੰਡਰਟੇਕਿੰਗ) ਦਾਖ਼ਲ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਜਾਵੇ ਕਿ ਉਹ ਭਵਿੱਖ ਵਿੱਚ ਅਜਿਹੇ ਕਿਸੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲੈਣਗੇ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ‘ਵਸੁਧੈਵ ਕੁਟੁੰਬਕਮ’ (ਸਾਰਾ ਸੰਸਾਰ ਇਕ ਪਰਿਵਾਰ ਹੈ) ਦੇ ਸਿਧਾਂਤ ਦੀ ਯਾਦ ਦਿਵਾਈ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਇਮਰਾਨ ਖਾਨ ਨੂੰ ਉਨ੍ਹਾਂ ਵਿਰੁੱਧ ਜਾਰੀ ਕੀਤੇ ਗਏ ‘ਲੀਵ ਇੰਡੀਆ ਨੋਟਿਸ’ (ਭਾਰਤ ਛੱਡਣ ਦਾ ਨੋਟਿਸ) ਦਾ ਜਵਾਬ ਦੇਣ ਲਈ ਕੁਝ ਸਮਾਂ ਦਿੱਤਾ ਜਾਵੇ।
ਅਦਾਲਤ ਨੇ ਅਗਲੀ ਸੁਣਵਾਈ 7 ਦਸੰਬਰ ਨੂੰ ਤੈਅ ਕੀਤੀ ਹੈ। ਉਦੋਂ ਤੱਕ ਇਮਰਾਨ ਖਾਨ ਵਿਰੁੱਧ ਜਾਰੀ ‘ਲੀਵ ਇੰਡੀਆ’ ਨੋਟਿਸ ’ਤੇ ਰੋਕ ਰਹੇਗੀ।
ਹਾਈ ਕੋਰਟ ਨੇ ਅਮਰੀਕਾ ਦੀ ਮਿਸਾਲ ਦੇ ਕੇ ਚੁੱਕੇ ਸਵਾਲ
ਸੁਣਵਾਈ ਦੌਰਾਨ ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਜੇਕਰ ਕਿਸੇ ਭਾਰਤੀ ਨਾਗਰਿਕ ਨੇ ਵਿਦੇਸ਼ ਵਿੱਚ ਇਸੇ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਹੁੰਦਾ ਤਾਂ ਉਸ ਨੂੰ ਅਗਲੀ ਹੀ ਉਡਾਣ ਰਾਹੀਂ ਭਾਰਤ ਵਾਪਸ ਭੇਜ ਦਿੱਤਾ ਜਾਂਦਾ।
ਅਦਾਲਤ ਨੇ ਇਮਰਾਨ ਖਾਨ ਨੂੰ ਇਹ ਵੀ ਪੁੱਛਿਆ ਕਿ ਉਹ ਇੰਨੇ ਸਾਲਾਂ ਤੋਂ ਭਾਰਤ ਵਿੱਚ ਰਹਿ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਕਦੇ ਕਿਸੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ, ਫਿਰ ਹੁਣ ਅਜਿਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕਿਉਂ ਕੀਤਾ?






