US Nagar Kirtan Attack: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ 47ਵੇਂ ਸਾਲਾਨਾ ਸਿੱਖ ਸਮਾਗਮ ਅਤੇ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਸ਼ਨਿੱਚਰਵਾਰ 31 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਵਿੱਚ ਗੋਲੀਬਾਰੀ ਦੀ ਸੀ। ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਦੀ ਪਛਾਣ ਕਰ ਲਈ ਹੈ ਪਰ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਦੂਜੀ ਘਟਨਾ ਐਤਵਾਰ ਪਹਿਲੀ ਨਵੰਬਰ ਨੂੰ ਨਗਰ ਕੀਰਤਨ ਦੀ ਸਮਾਪਤੀ ਨੇੜੇ ਵਾਪਰੀ ਜਦੋਂ ਚਾਕੂਬਾਜ਼ੀ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਨੂੰ ਯੂ ਸੀ ਡੇਵਿਸ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਗਈ ਹੈ।
ਇਰਾਦਾ ਕਤਲ ਸਮੇਤ ਕਈ ਦੋਸ਼ਾਂ ਹੇਠ ਕੇਸ ਦਰਜ
ਪੁਲੀਸ ਨੇ ਇਸ ਘਟਨਾ ਦੇ ਸਬੰਧ ਵਿੱਚ ਸੈਕਰਾਮੈਂਟੋ ਵਾਸੀ 28 ਸਾਲਾ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਸਟਰ ਕਾਊਂਟੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਸ ਖ਼ਿਲਾਫ਼ ਇਰਾਦਾ ਕਤਲ, ਅਪਰਾਧ ਦੀ ਸਾਜ਼ਿਸ਼, ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਜਾਨਲੇਵਾ ਹਥਿਆਰ ਨਾਲ ਹਮਲਾ ਕਰਨ ਸਮੇਤ ਕਈ ਦੋਸ਼ ਲਾਏ ਗਏ ਹਨ।
ਦੋਵੇਂ ਘਟਨਾਵਾਂ ਦੇ ਸਬੰਧਾਂ ਦੀ ਜਾਂਚ
ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਹਾਲੇ ਇਹ ਸਪੱਸ਼ਟ ਨਹੀਂ ਹੋਇਆ ਕਿ ਗੋਲੀਬਾਰੀ ਅਤੇ ਚਾਕੂਬਾਜ਼ੀ ਦੀਆਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ। ਜਾਂਚਕਰਤਾ ਗੁਰਦੁਆਰਾ ਪ੍ਰਬੰਧਕਾਂ ਦੇ ਸਹਿਯੋਗ ਨਾਲ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਬਾਰੇ ਹੋਰ ਜਾਣਕਾਰੀ ਬੁੱਧਵਾਰ ਨੂੰ ਜਾਰੀ ਕੀਤੀ ਜਾ ਸਕਦੀ ਹੈ।






