12 ਏਕੜ ਵਿੱਚ ਤਿਆਰ ਕੀਤੇ ਪੰਡਾਲ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਆਗੂ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਮਿਲੀਭੁਗਤ ਨਾਲ ਘਰ-ਘਰ ਤੱਕ ਫੈਲੇ ਡਰੱਗ/ਨਸ਼ਿਆਂ ਦੇ ਕੋਹੜ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਹੀ ਖ਼ਤਮ ਕਰ ਸਕਦੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ, ਲੁੱਟ-ਖੋਹ ਤੇ ਗੈਂਗਸਟਰਵਾਦ ਨੇ ਜਕੜ ਲਿਆ ਹੈ ਅਤੇ ਇਨ੍ਹਾਂ ਸਮਾਜਿਕ ਬਿਮਾਰੀਆਂ ਨੂੰ ਰੋਕਣ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਆਪਣੇ ਭਾਸ਼ਣ ਨੂੰ ਰੋਕ ਕੇ ਸਟੇਜ ‘ਤੇ ਬੈਠੇ ਉੱਘੇ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੇ ਕੋਲ ਬੁਲਾ ਕੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਸ਼ਾਨਦਾਰ ਗਾਇਕ ਅਤੇ ਕੁੱਝ ਕਰ ਗੁਜ਼ਰਨ ਵਾਲੀ ਸ਼ਖ਼ਸੀਅਤ ਸਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਇਹੋ ਜਿਹੇ ਨੌਜਵਾਨ ਸਾਥੋਂ ਖੋਹੇ ਜਾ ਰਹੇ ਹਨ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪੰਜਾਬ ਵਿਧਾਨ ਸਭਾ ਦੇ ਚੋਣ ਮੈਦਾਨ ਵਿੱਚ ਡਟਣ ਦਾ ਸੱਦਾ ਦਿੱਤਾ।
ਉੱਥੇ ਹੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਗੁਜਰਾਤ ਸਥਿਤ ਬੰਦਰਗਾਹ ਤੋਂ ਹੋ ਰਹੀ ਹੈ। ਜੇਕਰ ਕੇਂਦਰ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਸੰਜੀਦਾ ਹੈ, ਤਾਂ ਆਪਣੇ ਸੂਬਿਆਂ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਨੂੰ ਨੱਥ ਪਾਈ ਜਾਵੇ।
ਰੈਲੀ ਨੂੰ ਪੰਜਾਬ ਦੇ ਪਾਰਟੀ ਇੰਚਾਰਜ ਸਚਿਨ ਪਾਇਲਟ, ਸੂਬਾ ਪ੍ਰਧਾਨ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸੁਖਪਾਲ ਸਿੰਘ ਖਹਿਰਾ, ਡਾ. ਧਰਮਵੀਰ ਗਾਂਧੀ, ਡਾ. ਅਮਰ ਸਿੰਘ, ਫ਼ਤਿਹ ਸਿੰਘ ਬਾਦਲ ਅਤੇ ਗੁਰਜੋਤ ਸਿੰਘ ਢੀਂਡਸਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।





