Punjab Election 2027: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਪ੍ਰਸ਼ਾਸਕੀ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨ ਦੇ ਹੋਰ ਮੈਂਬਰ ਨਵੰਬਰ ਦੇ ਆਖਰੀ ਹਫ਼ਤੇ ਜਾਂ ਦਸੰਬਰ ਵਿੱਚ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਦਾ ਦੌਰਾ ਕਰ ਸਕਦੇ ਹਨ। ਇਸ ਦੌਰੇ ਦੌਰਾਨ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਸੂਤਰਾਂ ਅਨੁਸਾਰ ਚੋਣ ਕਮਿਸ਼ਨ ਵੱਲੋਂ ਜਨਵਰੀ 2027 ਦੇ ਪਹਿਲੇ ਪੰਦਰਵਾੜੇ ਵਿੱਚ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਐਲਾਨੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ ਵਿੱਚ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਸ਼ਾਮਲ ਹਨ।
ਪੰਜਾਬ ਵਿਚ ਚੋਣਾਂ ਫਰਵਰੀ ਜਾਂ ਮਾਰਚ 2027 ਵਿੱਚ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਧਾਨ ਸਭਾ ਦਾ ਪੰਜ ਸਾਲਾ ਕਾਰਜਕਾਲ 15 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ 2022 ਨੂੰ ਅਹੁਦੇ ਦੀ ਸਹੁੰ ਚੁੱਕੀ ਸੀ।
ਪਿਛਲੀਆਂ ਚੋਣਾਂ ਤੋਂ ਪਹਿਲਾਂ ਵੀ ਹੋਇਆ ਸੀ ਦੌਰਾ
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਟੀਮ ਨੇ 15 ਅਤੇ 16 ਦਸੰਬਰ 2021 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ 8 ਜਨਵਰੀ 2022 ਨੂੰ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਉਸ ਚੋਣ ਵਿੱਚ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਗਏ ਸਨ। ਇਸ ਵਾਰ ਵੀ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਦੀ ਸਮੀਖਿਆ ਮਗਰੋਂ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀਆਂ ਟੀਮਾਂ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰ ਚੁੱਕੀਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਆਪਣੀਆਂ ਰਿਪੋਰਟਾਂ ਕਮਿਸ਼ਨ ਨੂੰ ਸੌਂਪ ਦਿੱਤੀਆਂ ਹਨ।
ਸਿਆਸੀ ਪਾਰਟੀਆਂ ਨਾਲ ਵੀ ਹੋਵੇਗੀ ਮੀਟਿੰਗ
ਮੁੱਖ ਚੋਣ ਕਮਿਸ਼ਨਰ ਦੇ ਦੌਰੇ ਦੌਰਾਨ ਕੌਮੀ ਅਤੇ ਸੂਬਾਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਪਾਰਟੀਆਂ ਦੀਆਂ ਸ਼ਿਕਾਇਤਾਂ, ਸੁਝਾਅ ਅਤੇ ਮੰਗਾਂ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਐੱਸ ਐੱਸ ਪੀਜ਼ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰ ’ਤੇ ਚੋਣ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਜਾਣਕਾਰੀ ਲਈ ਜਾਵੇਗੀ।
ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਮ੍ਰਿਤਕ ਜਾਂ ਦੂਜੀਆਂ ਥਾਵਾਂ ’ਤੇ ਜਾ ਚੁੱਕੇ ਵੋਟਰਾਂ ਦੇ ਨਾਂ ਹਟਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਜਾਵੇਗਾ। ਇਸ ਦੇ ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰਕੇ ਉੱਥੇ ਵਾਧੂ ਸੁਰੱਖਿਆ ਬਲ ਤਾਇਨਾਤ ਕਰਨ ਅਤੇ ਵੈੱਬਕਾਸਟਿੰਗ ਦੇ ਪ੍ਰਬੰਧਾਂ ਬਾਰੇ ਚਰਚਾ ਹੋਵੇਗੀ।






