ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕਾਂਗਰਸ ਸੱਤਾ ’ਚ ਆਉਣ ’ਤੇ ਆਪ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸੇ ਵੀ ਵਿੱਤੀ ਸਹਾਇਤਾ ਸਕੀਮਾਂ ਨੂੰ ਵਾਪਸ ਨਹੀਂ ਲਵੇਗੀ।
ਸਾਈਕਲ ਯਾਤਰਾ ਦੀਆਂ ਤਿਆਰੀਆਂ ਦੇ ਦੌਰਾਨ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਸਕੀਮਾਂ ਨੂੰ ਜਾਰੀ ਰੱਖਣ ਤੋਂ ਇਲਾਵਾ ਕਾਂਗਰਸ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪੈਂਡਿੰਗ ਬਕਾਏ ਦਾ ਵੀ ਭੁਗਤਾਨ ਕਰੇਗੀ।
ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ (AAP) ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਔਰਤਾਂ ਨੂੰ ਤਾਂ ਵਿੱਤੀ ਸਹਾਇਤਾ ਦੇ ਰਹੀ ਹੈ, ਪਰ ਨਸ਼ਿਆਂ ਦੀ ਉਸ ਅਲਾਮਤ ਨੂੰ ਰੋਕਣ ਲਈ ਕੁਝ ਖਾਸ ਨਹੀਂ ਕਰ ਰਹੀ ਜੋ ਨੌਜਵਾਨਾਂ ਦੀਆਂ ਜਾਨਾਂ ਨਿਗਲ ਰਹੀ ਹੈ। ਉਨ੍ਹਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਦਿੱਲੀ ਦੀ ਲੀਡਰਸ਼ਿਪ ਅੱਗੇ “ਸਮਰਪਣ” ਕਰ ਰਹੀ ਹੈ ਅਤੇ ਪ੍ਰਸ਼ਾਸਨ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।
ਮੁੱਖ ਮੰਤਰੀ ਵਜੋਂ ਆਪਣੇ 111 ਦਿਨਾਂ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਦਿਨ ਦਾ ਅਸਰਦਾਰ ਢੰਗ ਨਾਲ ਉਪਯੋਗ ਕੀਤਾ ਅਤੇ ਸੂਬੇ ਵਿੱਚ ਵਿਕਾਸ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਕਈ ਫੈਸਲੇ ਲਏ। ਉਨ੍ਹਾਂ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਪਾਹ ਕਿਸਾਨਾਂ ਲਈ ਮੁਆਵਜ਼ਾ ਵਧਾ ਕੇ 18,700 ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਮਜ਼ਦੂਰਾਂ ਲਈ 1,500 ਰੁਪਏ,‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਡੋਰਾ ਅੰਦਰਲੇ ਘਰਾਂ ਦੀ ਰਜਿਸਟਰੀ ਕਰਨ,ਬਿਜਲੀ ਦੇ ਬਿੱਲ ਮਾਫ਼ ਕਰਨ,ਡੀ ਸ਼੍ਰੇਣੀ ਦੀਆਂ ਸਰਕਾਰੀ ਨੌਕਰੀਆਂ ਨੂੰ ਰੈਗੂਲਰ ਕਰਨ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਜ਼ਿਕਰ ਕੀਤਾ।
1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਭਾਜਪਾ ਦੇ ਮੁੜ ਧਿਆਨ ਕੇਂਦਰਿਤ ਕਰਨ ‘ਤੇ ਚੰਨੀ ਨੇ ਕਿਹਾ ਕਿ “ਜੋ ਗਲਤ ਸੀ ਉਸ ਦਾ ਬਚਾਅ ਨਹੀਂ ਕੀਤਾ ਜਾ ਸਕਦਾ”,ਨਾਲ ਹੀ ਉਨ੍ਹਾਂ ਜੋੜਿਆ ਕਿ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਾਂਗਰਸੀ ਨੇਤਾਵਾਂ ਨੇ ਹਿੰਸਾ ਦੀ ਨਿਖੇਧੀ ਕੀਤੀ ਸੀ ਅਤੇ ਅਫ਼ਸੋਸ ਪ੍ਰਗਟਾਇਆ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੰਭਾਲਣ ਦੇ ਤਰੀਕੇ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਭਾਜਪਾ ‘ਤੇ “ਪੰਜਾਬ ਵਿਰੋਧੀ” ਪਹੁੰਚ ਅਪਣਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਸੂਬੇ ਦੇ ਲੋਕ ਪਾਰਟੀ ਨੂੰ ਪ੍ਰਵਾਨ ਨਹੀਂ ਕਰਨਗੇ।
ਕਾਂਗਰਸ ਵਿੱਚ ਧੜੇਬੰਦੀ ‘ਤੇ ਚੰਨੀ ਨੇ ਦਾਅਵਾ ਕੀਤਾ ਕਿ ਪਾਰਟੀ ਹੁਣ ਇਕਜੁੱਟ ਹੈ ਅਤੇ ‘ਆਪ’ ਨੂੰ ਹਰਾਉਣ ਲਈ ਸਮੂਹਿਕ ਤੌਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੇ ਨੌਜਵਾਨਾਂ ਦੀਆਂ ਚਿੰਤਾਵਾਂ ਅਤੇ ਅਕਾਂਖਿਆਵਾਂ ਨੂੰ ਸੁਣਨ ‘ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ਅੰਦਰ ਸੁਰੱਖਿਆ ਲਈ ਕੇਂਦਰ ਦੀ ਜ਼ਿੰਮੇਵਾਰੀ ਵੱਲ ਇਸ਼ਾਰਾ ਕਰਦਿਆਂ ਸੂਬੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਲਗਾਤਾਰ ਆਮਦ ‘ਤੇ ਵੀ ਸਵਾਲ ਚੁੱਕੇ।






