ਸੰਗਰੂਰ, 29 ਮਾਰਚ – ਪੰਜਾਬ ਪੁਲੀਸ ਕਾਂਸਟੇਬਲ ਭਰਤੀ ਲਈ 2016 ਤੋਂ ਲਗਾਤਾਰ ਨਿਯੁਕਤੀ ਦੀ ਉਡੀਕ ਕਰ ਰਹੇ ਸੈਂਕੜੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਲਗਾ ਲਿਆ ਹੈ। ਇਸ ਦੌਰਾਨ ਅੱਠ ਉਮੀਦਵਾਰ ਅੱਸੀ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਏ ਹਨ, ਜਿਨ੍ਹਾਂ ਵਿੱਚ ਤਿੰਨ ਲੜਕੀਆਂ ਅਤੇ ਪੰਜ ਲੜਕੇ ਸ਼ਾਮਲ ਹਨ।
ਨੌਜਵਾਨਾਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕੀਤੀ ਗਈ ਸੀ, ਜਿਸ ਤਹਿਤ ਸੋਮਵਾਰ ਨੂੰ ਉਕਤ ਨੌਜਵਾਨ ਮੀਟਿੰਗ ਲਈ ਗਏ ਸਨ ਪਰ ਮੁੱਖ ਮੰਤਰੀ ਨੇ ਮੀਟਿੰਗ ਨਹੀਂ ਕੀਤੀ। ਇਸ ਤੋਂ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਅੱਜ ਸਵੇਰੇ ਹੀ ਸੰਗਰੂਰ ਦੇ ਨਨਕੀਆਣਾ ਚੌਕ ਵਿੱਚ ਸੜਕ ਜਾਮ ਕਰ ਦਿੱਤੀ ਅਤੇ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਏ। ਬਾਕੀ ਸਾਥੀਆਂ ਨੇ ਟੈਂਕੀ ਥੱਲੇ ਹੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਕੋਈ ਸਪੱਸ਼ਟ ਜਵਾਬ ਨਾ ਮਿਲਿਆ ਤਾਂ ਇੱਥੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਰਮਿਆਨ ਸ਼ਹਿਰ ਵਿੱਚ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ।
ਪੰਜਾਬ ਪੁਲੀਸ ਭਰਤੀ 2016 ਦੇ ਉਮੀਦਵਾਰ ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ 31 ਮਈ 2016 ਨੂੰ ਪੰਜਾਬ ਪੁਲੀਸ ਵਿੱਚ 7416 ਕਾਂਸਟੇਬਲਾਂ ਦੀ ਭਰਤੀ ਕੱਢੀ ਗਈ ਸੀ। ਇਸ ਦਾ ਨਤੀਜਾ ਅਕਤੂਬਰ 2016 ਵਿੱਚ ਐਲਾਨਿਆ ਗਿਆ ਸੀ। ਇਸ ਦੌਰਾਨ ਕੁਝ ਬਿਨੈਕਾਰਾਂ ਨੂੰ ਦਾਖਲਾ ਦਿੱਤਾ ਗਿਆ ਪਰ ਵੱਡੀ ਗਿਣਤੀ ਬਿਨੈਕਾਰਾਂ ਨੂੰ ਉਡੀਕ ਸੂਚੀ ਵਿੱਚ ਰੱਖਿਆ ਗਿਆ। ਸਾਲ 2017 ਦੌਰਾਨ ਕੁਝ ਬਿਨੈਕਾਰਾਂ ਨੂੰ ਵੈਰੀਫਿਕੇਸ਼ਨ ਲਈ ਬੁਲਾਇਆ ਗਿਆ ਸੀ ਪਰ ਵੈਰੀਫਿਕੇਸ਼ਨ ਹੋਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ। ਉਮੀਦਵਾਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ, ਜਿੱਥੇ ਹਾਈ ਕੋਰਟ ਨੇ ਜੁਲਾਈ 2021 ਵਿੱਚ ਫੈਸਲਾ ਸੁਣਾਇਆ ਸੀ, ਪਰ ਪੰਜਾਬ ਪੁਲੀਸ ਹੈਡਕੁਆਰਟਰ ਵੱਲੋਂ ਪਿਛਲੇ ਭਰਤੀ ਦੇ ਹੁਕਮਾਂ ਤੋਂ ਬਾਅਦ ਵੀ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਮੰਗ ਕੀਤੀ ਕਿ 2016 ਦੀ ਵੇਟਿੰਗ ਲਿਸਟ ਅਤੇ ਵੈਰੀਫਿਕੇਸ਼ਨ ਨੂੰ ਕਲੀਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਜੇਕਰ ਚੋਣਾਂ ਤੋਂ ਬਾਅਦ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ, ਪਰ ਹੁਣ ਸਰਕਾਰ ਬਣਨ ਤੋਂ ਬਾਅਦ ਉਹ ਉਨ੍ਹਾਂ ਨੂੰ ਮਿਲਣ ਤੋਂ ਵੀ ਮੂੰਹ ਮੋੜ ਰਹੇ ਹਨ।
ਇਸ ਮੌਕੇ ਗੁਰਦਿਆਲ ਸਿੰਘ, ਮਨਪ੍ਰੀਤ ਸਿੰਘ, ਸੁਨੀਲ ਕੁਮਾਰ, ਨਰਿੰਦਰ ਕੌਰ, ਕੁਲਦੀਪ ਸਿੰਘ, ਪੰਕਜ ਬੇਦੀ, ਜਗਦੀਪ ਸਿੰਘ, ਗੁਰਮੇਲ ਸਿੰਘ, ਨਵਰੀਤ ਕੌਰ, ਕੋਮਲ ਸਿੰਘ ਆਦਿ ਹਾਜ਼ਰ ਸਨ।






