ਐਸ ਏ ਐਸ ਨਗਰ, 4 ਅਪ੍ਰੈਲ- ਕੇਂਦਰ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਕਾਰਨ ਵਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ ਫੇਜ਼ 7 ਦੇ ਅੰਬਾਂ ਵਾਲੇ ਚੌਕ ਦੀਆਂ ਮੁੱਖ ਲਾਈਟਾਂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ, ਮਿਊਂਸਪਲ ਕੌਂਸਲਰਾਂ ਅਤੇ ਪੰਚਾਂ ਸਰਪੰਚਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਮੌਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਚੌਕ ਦੇ ਉੱਤੇ ਸਿਲੰਡਰ ਰੱਖ ਕੇ ਉਨ੍ਹਾਂ ਉੱਤੇ ਫੁੱਲਾਂ ਦੀ ਮਾਲਾ ਪਾਈ ਗਈ । ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਮਹਿੰਗਾਈ ਦੇ ਖਿਲਾਫ ਅਤੇ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਧਰਨੇ ਕਾਰਨ ਕੁਝ ਸਮੇਂ ਲਈ ਫੇਜ਼ 7 ਵਿਚ ਟੈ੍ਰਫਿਕ ਜਾਮ ਹੋ ਗਿਆ, ਜਿਸ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਤੇਜ ਧੁੱਪ ਅਤੇ ਗਰਮੀ ਦੇ ਮੌਸਮ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮਹੀਨਿਆਂ ਬੱਧੀ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਅਤੇ ਰੂਸ ਅਤੇ ਯੂਕਰੇਨ ਦੀ ਜੰਗ ਆਰੰਭ ਹੋਣ ਉਪਰੰਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਨਹੀਂ ਵਧੀਆਂ ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਨੇ ਧੱਕੇਸ਼ਾਹੀ ਨਾਲ ਇਨ੍ਹਾਂ ਚੋਣਾਂ ਵਿੱਚ ਚਾਰ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਤਾਂ ਨਾਲ ਹੀ ਰੋਜ਼ਾਨਾ ਇਹ ਹੁਣ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਹਾਲਾਤ ਇਹ ਹੋ ਗਏ ਹਨ ਕਿ ਆਮ ਆਦਮੀ ਦੀ ਥਾਲੀ ਵਿੱਚੋਂ ਸਬਜ਼ੀਆਂ, ਦਾਲਾਂ ਤੇ ਰੋਟੀ ਗਾਇਬ ਹੁੰਦੀ ਜਾ ਰਹੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਅਤੇ ਕਰੋੜਾਂ ਰੁਪਏ ਖਰਚ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ ਬਲਕਿ ਹੁਣ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੀ ਥਾਂ ਤੇ ਪ੍ਰੀਪੇਡ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੇ ਲੋਕਾਂ ਵਾਸਤੇ ਮਾਰੂ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਪਾਣੀਆਂ ਦਾ ਮਸਲਾ, ਚੰਡੀਗੜ੍ਹ ਦਾ ਮਸਲਾ ਅਤੇ ਪੈਨਸ਼ਨਾਂ ਦਾ ਮਸਲਾ ਵੀ ਖੜ੍ਹਾ ਹੈ ਅਤੇ ਹਰ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਚੌਵੀ ਘੰਟੇ ਦੇ ਅੰਦਰ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਕਰਨ, ਬੇਰੁਜ਼ਗਾਰਾਂ ਨੂੰ ਪਹਿਲੇ ਦਿਨ ਤੋਂ ਮਹਿੰਗਾਈ ਭੱਤਾ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਇਕ ਮਹੀਨੇ ਤੱਕ ਸਮਾਂ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਦੇ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਜਵਾਬ ਮੰਗੇ ਜਾਣਗੇ।
ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਬਦਲਾ ਲਊ ਕਾਰਵਾਈਆਂ ਤੇ ਉਤਾਰੂ ਹਨ। ਮੁਹਾਲੀ ਹਲਕੇ ਵਿਚ ਉਨ੍ਹਾਂ ਦੇ ਸਮਰਥਕਾਂ ਉੱਤੇ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪਰਚਾ ਕਰਨਾ ਹੈ ਤਾਂ ਉਨ੍ਹਾਂ ਦੇ ਖਿਲਾਫ ਕੀਤਾ ਜਾਵੇ ਅਤੇ ਜੇਕਰ ਹੁਣ ਕਿਸੇ ਵੀ ਸਮਰਥਕ ਦੇ ਖਿਲਾਫ ਬਦਲਾ ਲਊ ਕਾਰਵਾਈ ਕੀਤੀ ਗਈ ਤਾਂ ਉਹ ਖੁਦ ਅਜਿਹਾ ਕਰਨ ਵਾਲੇ ਅਧਿਕਾਰੀ ਦਾ ਘਿਰਾਓ ਕਰਨਗੇ।





