ਚੰਡੀਗੜ੍ਹ, 5 ਅਪ੍ਰੈਲ -ਸੂਬਾ ਭਰ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਪੁਲੀਸ ਮੁਖੀ ਵੀ. ਕੇ. ਭਾਵਰਾ ਨੂੰ ਏ.ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਲੀਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸੰਗਠਿਤ ਅਪਰਾਧ ਦੇ ਖਾਤਮੇ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਲੀਸ ਤੰਤਰ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਅਤੇ ਕਬੱਡੀ ਜਗਤ ਵਿੱਚ ਪਹਿਲਾਂ ਹੀ ਆਪਣੇ ਪੈਰ ਪਾਸਾਰ ਚੁੱਕੇ ਇਸ ਗਠਜੋੜ ਨੂੰ ਤੋੜਨ ਲਈ ਪੁਲੀਸ ਫੋਰਸ ਨੂੰ ਫੰਡਾਂ ਤੋਂ ਇਲਾਵਾ ਲੋੜੀਂਦੇ ਸਟਾਫ਼, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਉਹਨਾਂ ਕਿਹਾ ਕਿ ਏ. ਜੀ. ਟੀ. ਐਫ. ਦੇਸ਼ ਵਿੱਚ ਅਜਿਹੀਆਂ ਵਿਸ਼ੇਸ਼ ਯੂਨਿਟਾਂ ਦੀ ਤਰਜ਼ ਤੇ ਖੁਫੀਆ ਜਾਣਕਾਰੀ ਹਾਸਲ ਕਰਨਾ, ਕਾਰਵਾਈਆਂ ਕਰਨ, ਐਫ. ਆਈ.ਆਰ ਦਰਜ ਕਰਨ, ਜਾਂਚ ਅਤੇ ਮੁਕੱਦਮਾ ਚਲਾਉਣ ਦਾ ਕੰਮ ਕਰੇਗੀ। ਜ਼ਿਲ੍ਹਿਆਂ ਦੇ ਪੁਲੀਸ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਆਪਸੀ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਪੱਧਰੀ ਅਧਿਕਾਰ ਖੇਤਰ ਵਾਲੇ ਨਵੇਂ ਥਾਣਿਆਂ ਨੂੰ ਜਲਦ ਹੀ ਨੋਟੀਫਾਈ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਗੈਂਗਸਟਰਾਂ ਵੱਲੋਂ ਫੈਲਾਈ ਦਹਿਸ਼ਤ ਨੂੰ ਦੂਰ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਉਨ੍ਹਾਂ ਨੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਦੀਆਂ ਗਤੀਵਿਧੀਆਂ ਤੇ ਸਖ਼ਤ ਨਜ਼ਰ ਰੱਖਣ ਲਈ ਜੇਲ੍ਹ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹਨ ਅਤੇ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਗਰੂਰ ਜ਼ਿਲ੍ਹੇ ਵਿੱਚ ਅਪਰਾਧ ਦੀ ਦਰ ਵਿੱਚ ਭਾਰੀ ਗਿਰਾਵਟ ਲਿਆਉਣ ਸਬੰਧੀ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਮਾਨ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਉਨ੍ਹਾਂ ਨੇ ਆਪਣੇ ਐਮ.ਪੀ. ਫੰਡ ਵਿੱਚੋਂ ਜ਼ਿਲ੍ਹੇ ਦੇ ਪ੍ਰਮੁੱਖ ਕਸਬਿਆਂ ਵਿੱਚ ਸਥਾਨਕ ਪੁਲੀਸ ਸਟੇਸ਼ਨਾਂ ਨਾਲ ਜੁੜੇ ਵਾਈ-ਫਾਈ ਸੀ ਸੀ ਟੀ ਵੀ ਕੈਮਰੇ ਲਾਉਣ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਹੁਤ ਘੱਟ ਕੀਮਤ ਤੇ ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਸਨ, ਜਿਨ੍ਹਾਂ ਨੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ।
ਇਸ ਦੌਰਾਨ ਰੋਜ਼ਾਨਾ ਵਾਪਰਦੇ ਘਾਤਕ ਸੜਕ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਚਲੇ ਜਾਣ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਹਾਦਸਿਆਂ ਕਾਰਨ ਹਰੇਕ ਸਾਲ 5500 ਤੋਂ ਵੱਧ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ 1.5 ਲੱਖ ਦੇ ਕਰੀਬ ਲੋਕ ਇਸ ਕਾਰਨ ਜ਼ਖ਼ਮੀ ਹੋ ਜਾਂਦੇ ਹਨ। ਉਨ੍ਹਾਂ ਡੀ.ਜੀ.ਪੀ. ਨੂੰ ਕਿਹਾ ਕਿ ਉਹ ਹਾਈਵੇ ਪੈਟਰੋਲਿੰਗ ਪੁਲੀਸ ਦਾ ਇੱਕ ਵੱਖਰਾ ਵਿੰਗ ਬਣਾਉਣ ਲਈ ਇੱਕ ਵਿਆਪਕ ਤਜਵੀਜ਼ ਲੈ ਕੇ ਆਉਣ ਤਾਂ ਕਿ ਟ੍ਰੈਫਿਕ ਜਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਦੇ ਨਾਲ-ਨਾਲ ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮਸ਼ਹੂਰ ਟੀ.ਵੀ. ਹਸਤੀ ਜਸਪਾਲ ਭੱਟੀ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 136 ਬਲੈਕ ਸਪਾਟਸ (ਦੁਰਘਟਨਾਗ੍ਰਸਤ ਥਾਵਾਂ) ਦੀ ਪਛਾਣ ਕੀਤੀ ਗਈ ਸੀ ਪਰ ਬਦਕਿਸਮਤੀ ਨਾਲ ਜ਼ਮੀਨੀ ਪੱਧਰ ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ।





