ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੇ ਪੇਸ਼ਾਵਰ ਵਿਚ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਟਵੀਟ ਕਰ ਕੇ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਸਰਕਾਰ ਨੂੰ ਉਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ।
ਇਸੇ ਤਰ੍ਹਾਂ ਘੱਟ ਗਿਣਤੀਆਂ ਉਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।






