ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਕੀਤੇ ਫ਼ੈਸਲੇ ਤੋਂ ਖ਼ਫ਼ਾ ਪੰਜਾਬ ਦੇ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਸ਼ਨਿਚਰਵਾਰ ਨੂੰ ਜਗਰਾਓਂ ਵਿਖੇ ਪੰਜਾਬ ਭਰ ਦੇ ਆੜ੍ਹਤੀਆਂ ਦੀ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਪ੍ਰਧਾਨ ਵਿਜੈ ਕਾਲੜਾ ਨੇ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੈ ਗਏ ਇਸ ਫ਼ੈਸਲੇ ਨਾਲ ਆਉਣ ਵਾਲੇ ਦਿਨਾਂ ਵਿਚ ਆੜ੍ਹਤੀਆ ਵਰਗ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।
ਪ੍ਰਧਾਨ ਕਾਲੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਇਸ ਫ਼ੈਸਲੇ ਤੋਂ ਬਾਅਦ ਹੁਣ ਆੜ੍ਹਤੀਆਂ ਵੱਲੋਂ ਇਕਜੁੱਟ ਹੋ ਕੇ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰਨ ਦਾ ਸਮਾਂ ਹੈ। ਜੇਕਰ ਆੜ੍ਹਤੀ ਹੁਣ ਵੀ ਇਕਜੁੱਟ ਹੋ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਨਾ ਕਰ ਸਕੇ ਤਾਂ ਆਉਣ ਵਾਲੇ ਦਿਨਾਂ ਵਿਚ ਮੂੰਗੀ ਤੋਂ ਇਲਾਵਾ ਬਾਸਮਤੀ ਅਤੇ ਮੱਕੀ ਦੀ ਫ਼ਸਲ ’ਤੇ ਵੀ ਸਰਕਾਰ ਵੱਲੋਂ ਆੜ੍ਹਤ ਖ਼ਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਆੜ੍ਹਤੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਅਤੇ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਆੜ੍ਹਤੀਆਂ ਨੇ ਫ਼ੈਸਲਾ ਲਿਆ ਕਿ ਜੇਕਰ ਪੰਜਾਬ ਸਰਕਾਰ 31 ਮਈ ਤਕ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਦੇ ਸਮੂਹ ਆੜ੍ਹਤੀਆਂ ਵੱਲੋਂ ਆਪਣੀਆਂ ਦੁਕਾਨਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਆਪਣੇ ਦੁਕਾਨਾਂ ਦੀਆਂ ਚਾਬੀਆਂ ਅਤੇ ਆੜ੍ਹਤ ਦਾ ਲਾਇਸੈਂਸ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤਾ ਜਾਵੇਗਾ।
ਇਸ ਸਮੇਂ ਰਾਜ ਕੁਮਾਰ ਭੱਲਾ, ਭੂਸ਼ਣ ਗੋਇਲ, ਪਰਮਜੀਤ ਸਿੰਘ ਪੰਮਾ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਭੰਮੀਪੁਰਾ, ਪ੍ਰਹਿਲਾਦ ਸਿੰਗਲਾ, ਰਵੀ ਗੋਇਲ, ਨਵੀਨ ਗੋਇਲ, ਧਰਮਿੰਦਰ ਭਾਰਦਵਾਜ, ਰਾਜੀਵ ਅਗਰਵਾਲ, ਗਗਨ ਭਾਰਦਵਾਜ ਸਮੇਤ ਦਾਲ ਮਿੱਲ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।






