ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਕਈ ਵਰਕਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਐਤਵਾਰ ਨੂੰ ਕਮਲਦੀਪ ਕੌਰ ਰਾਜੋਆਣਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਉਨ੍ਹਾਂ ਇੱਥੇ ਮੀਡੀਆ ਨੂੰ ਦੱਸਿਆ ਕਿ ਉਹ ਚੋਣਾਂ ਤੋਂ ਪਹਿਲਾਂ ਜੇਲ੍ਹ ਵਿਚ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਭਰਾ ਦੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਸੀ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਆਪਣੀ ਨਾਮਜ਼ਦਗੀ ਵਾਪਸ ਲੈਣ ਦੀ ਅਪੀਲ ਕੀਤੀ ਸੀ ਤਾਂ ਜੋ ਸਿੱਖ ਕੌਮ ਦੀ ਸਾਂਝੀ ਰਾਏ ਬਣਾ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਵਾਇਆ ਜਾ ਸਕੇ। ਉਨ੍ਹਾਂ ਦਾ ਮਕਸਦ ਬੰਦੀ ਸਿੱਖਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨਾ ਹੈ ਕਿਉਂਕਿ ਸਰਕਾਰ ਜਾਣਬੁੱਝ ਕੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕਰ ਰਹੀ।






