ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀ ਕੇ ਸਕਸੈਨਾ ਵੱਲੋਂ ‘ਆਪ’ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੇ ਜਾਣ ਮਗਰੋਂ ਆਪਣੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਡਟ ਕੇ ਬਚਾਅ ਕੀਤਾ।
ਉਨ੍ਹਾਂ ਕਿਹਾ ਕਿ ਸਿਸੋਦੀਆ ਇਮਾਨਦਾਰ ਆਗੂ ਹਨ ਅਤੇ ਉਨ੍ਹਾਂ ਨੂੰ ਝੂਠਾ ਕੇਸ ਬਣਾ ਕੇ ਫਸਾਇਆ ਜਾ ਰਿਹਾ ਹੈ। ਕੇਜਰੀਵਾਲ ਨੇ ਵਰਚੁਅਲੀ ਮੀਡੀਆ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਐੱਲਜੀ ਦੀ ਸਿਫ਼ਾਰਸ਼ ਆਮ ਆਦਮੀ ਪਾਰਟੀ ਖਿਲਾਫ਼ ਸਿਆਸੀ ਬਦਲਾਖੋਰੀ ਦਾ ਹਿੱਸਾ ਹੈ ਅਤੇ ਸਿਸੋਦੀਆ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ, ‘‘ਮੈਂ ਜਾਣਦਾ ਹਾਂ ਕਿ ਮਨੀਸ਼ ਸਿਸੋਦੀਆ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੈਨੂੰ ਇਹ ਮਹੀਨੇ ਪਹਿਲਾਂ ਪਤਾ ਸੀ। ਦੇਸ਼ ਵਿੱਚ ਹੁਣ ਇੱਕ ਨਵੀਂ ਪ੍ਰਣਾਲੀ ਹੈ। ਉਹ ਫੈਸਲਾ ਕਰਦੇ ਹਨ ਕਿ ਕਿਸ ਨੂੰ ਜੇਲ੍ਹ ਭੇਜਣਾ ਹੈ ਅਤੇ ਫਿਰ ਇੱਕ ਘੜਿਆ ਹੋਇਆ ਕੇਸ ਪੇਸ਼ ਕੀਤਾ ਜਾਂਦਾ ਹੈ।’’ ਕੇਜਰੀਵਾਲ ਨੇ ਭਾਜਪਾ ’ਤੇ ਤਨਜ਼ ਕਸਦਿਆਂ ਕਿਹਾ, ‘ਤੁਸੀਂ ਸਾਰੇ ਸਾਵਰਕਰ ਦੀ ਔਲਾਦ ਹੋ, ਜੋ ਜੇਲ੍ਹ ਤੋਂ ਡਰਦੇ ਹੋ। ਅਸੀਂ ਭਗਤ ਸਿੰਘ ਦੀ ਔਲਾਦ ਹਾਂ। ਅਸੀਂ ਜੇਲ੍ਹਾਂ ਤੋਂ ਨਹੀਂ ਡਰਦੇ। ਸਾਰਾ ਮਾਮਲਾ ਝੂਠਾ ਹੈ। ਮੈਂ ਸਿਸੋਦੀਆ ਨੂੰ ਪਿਛਲੇ 22 ਸਾਲਾਂ ਤੋਂ ਜਾਣਦਾ ਹਾਂ। ਉਹ ਇਮਾਨਦਾਰ ਹੈ।’
‘ਆਪ’ ਨੇ ਦਲੀਲ ਦਿੱਤੀ ਕਿ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦਿੱਲੀ ਸਰਕਾਰ ਦੇ ਹਰ ਮੰਤਰੀ ਵਿਰੁੱਧ ਜਾਂਚ ਕਰਨਗੀਆਂ ਕਿਉਂਕਿ ‘ਆਪ’ ਦੀ ਪੰਜਾਬ ’ਚ ਜਿੱਤ ਤੋਂ ਬਾਅਦ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਨ ਲੱਗ ਪਈ ਹੈ।
ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਚਾਰ ਮਹੀਨੇ ਪਹਿਲਾਂ ਕਿਹਾ ਸੀ ਕਿ ਕਿਸੇ ਕੇਸ ਵਿੱਚ ਫਸਾ ਕੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਜੇਲ੍ਹ ਭੇਜ ਦੇਣਗੇ। ਸੀਐਮ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੋਂ ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਪ੍ਰਬੰਧ ਕੀਤੇ ਹਨ, ਉਦੋਂ ਤੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਵਾਲੇ ਲੋਕ ਹਾਂ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਵਿਕਾਸ ਨੂੰ ਰੋਕਣਾ ਚਾਹੁੰਦੇ ਹਨ, ਇਸ ਲਈ ਅਜਿਹਾ ਕਰ ਰਹੇ ਹਨ।






