ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਹੈ ਕਿ ਉਹ 25 ਜੁਲਾਈ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕਰਨ ਖਿਲਾਫ ਸੰਸਦ ‘ਚ ਆਵਾਜ਼ ਚੁੱਕਣਗੇ।
ਦੱਸ ਦਈਏ ਕਿ ਬੀਤੇ ਦਿਨ ਭਗਵੰਤ ਸਿੰਘ ਮਾਨ ਦੇ ਘਰ ਦੇ ਸਾਹਮਣੇ ”ਪੀਟੀਆਈ ਬੇਰੁਜ਼ਗਾਰ 646 ਯੂਨੀਅਨ” ਵੱਲੋਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦਿੱਤੇ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰਾਂ ਨੇ ਆਪਣੇ ਰੁਜ਼ਗਾਰ ਦੀ ਮੰਗ ਲਈ ਧਰਨਾ ਦਿੱਤਾ ਸੀ, ਆਮ ਆਦਮੀ ਪਾਰਟੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਹੁਣ ਜਦੋਂ ਉਹ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਧਰਨਾ ਦੇ ਰਹੇ ਹਨ ਤਾਂ ਉਨ੍ਹਾਂ ਨੂੰ ਤਕਲੀਫ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ 17 ਜੂਨ ਨੂੰ ਵੀ ਇਹ ਬੇਰੁਜ਼ਗਾਰ ਲੜਕੀਆਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਦੇ ਇਕ ਹਸਪਤਾਲ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ ਸਨ। ਮੈਂ ਉੱਥੇ ਉਨ੍ਹਾਂ ਨੂੰ ਮਿਲਣ ਗਿਆ ਸੀ ਤਾਂ ਪ੍ਰਦਰਸ਼ਨ ਕਰ ਰਹੀਆਂ ਲੜਕੀਆਂ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖੁਦ ਉਨ੍ਹਾਂ ਨੂੰ ਮੋਹਾਲੀ ‘ਚ ਮਿਲਣ ਆਏ ਸਨ, ਜਦੋਂ ਉਹ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ ਤਾਂ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਤੁਹਾਨੂੰ ਰੁਜ਼ਗਾਰ ਦਿੱਤਾ ਜਾਵੇਗਾ।
ਪਰ ਅੱਜ ਜਦੋਂ ਉਹੀ ਆਪਣਾ ਰੁਜ਼ਗਾਰ ਲੈਣ ਲਈ ਘਰ ਅੱਗੇ ਧਰਨਾ ਦੇ ਰਹੇ ਹਨ ਤਾਂ ਪੁਲਿਸ ਉਨ੍ਹਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ਚੁੱਪ ਨਹੀਂ ਬੈਠਾਂਗਾ, ਸੰਸਦ ‘ਚ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਾਂਗਾ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾਣ, ਬਰਗਾੜੀ ਕਾਂਡ ‘ਤੇ ਇਨਸਾਫ਼ ਦਿਵਾਉਣ ਦਾ ਵਾਅਦਾ ਵੀ ਸਰਕਾਰ ਨੇ ਪੂਰਾ ਨਹੀਂ ਕੀਤਾ, ਅਜੇ ਵੀ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ।






