ਚੰਡੀਗੜ੍ਹ: Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (laljit Singh Bhullar) ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ (private bus operator) ਨੇ ਆਪਣਾ ਪ੍ਰਸਤਾਵਿਤ ਧਰਨਾ ਸਮਾਪਤ ਕਰ ਦਿੱਤਾ ਹੈ।
ਦੋਵਾਂ ਮੰਤਰੀਆਂ ਨੇ ਪੰਜਾਬ ਭਵਨ ਵਿਖੇ ਪ੍ਰਾਈਵੇਟ ਆਪਰੇਟਰਾਂ ਨਾਲ ਮੀਟਿੰਗ ਕੀਤੀ, ਜਿੱਥੇ ਉਨ੍ਹਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ ਗਿਆ। ਮੰਤਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸੁਹਿਰਦ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
ਮੰਤਰੀਆਂ ਨੇ ਕਿਹਾ, “ਸਰਕਾਰ ਦੀ ਨੀਤੀ ਸਮਾਜ ਦੇ ਸਾਰੇ ਵਰਗਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ”, ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰਾਈਵੇਟ ਬੱਸ ਉਦਯੋਗ ਤੋਂ ਵੀ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਨੇ ਹਾਲ ਹੀ ਵਿਚ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਰਾਹਤ ਦੇਣ ਲਈ ਐਮਨੈਸਟੀ ਸਕੀਮ ਸ਼ੁਰੂ ਕੀਤੀ ਹੈ।
ਇਸ ਭਰੋਸੇ ਤੋਂ ਬਾਅਦ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਜਥੇਬੰਦੀ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਧਰਨਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।






