ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਇਸ ਵਾਰ ਲੋਕਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆਉਣ ਲੱਗੇ ਹਨ। ਜਾਣਕਾਰੀ ਮੁਤਾਬਕ ਇਸ ਮਹੀਨੇ 20 ਲੱਖ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ।
ਪਾਵਰਕੌਮ ਤਰਫ਼ੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 20 ਲੱਖ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ।
ਪਾਵਰਕੌਮ ਦੇ ਵੱਖ ਵੱਖ ਜ਼ੋਨਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉੱਤਰੀ ਜ਼ੋਨ ’ਚ ਉਕਤ ਸਮੇਂ ਦੌਰਾਨ 9 ਲੱਖ ਘਰਾਂ ਨੂੰ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 5.10 ਲੱਖ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ ਹਨ।
ਸਰਹੱਦੀ ਜ਼ੋਨ ’ਚ ਇਕ ਮਹੀਨੇ ਦੇ 8.05 ਲੱਖ ਬਿੱਲ ਭੇਜੇ ਗਏ ਹਨ ਅਤੇ ਇਨ੍ਹਾਂ ਵਿਚੋਂ 4.70 ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ। ਇਸੇ ਤਰ੍ਹਾਂ ਕੇਂਦਰੀ ਜ਼ੋਨ ਦੇ 6.02 ਲੱਖ ਖਪਤਕਾਰਾਂ ਵਿਚੋਂ 2.95 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ।
ਦੱਖਣੀ ਜ਼ੋਨ ’ਚ 10 ਲੱਖ ਘਰਾਂ ਨੂੰ ਬਿੱਲ ਜਾਰੀ ਕੀਤੇ ਹਨ ਜਿਨ੍ਹਾਂ ਵਿਚੋਂ ਪੰਜ ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ।ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 51 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ।






