ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਤਿੰਨੋਂ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਮਿਲ ਕੇ ਕੀਤਾ।
ਪੰਜਾਬ ਦੇ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੀਪਕ ਮੁੰਡੀ ਨੇ ਗਾਇਕ ਸਿੱਧੂ ਮੂਸੇਵਾਲੇ ਉਤੇ ਗੋਲੀਆਂ ਚਲਾਈਆਂ ਸਨ।
ਮੁੰਡੀ ਦੇ ਨਾਲ ਉਸ ਹੋਰ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਾਜਿੰਦਰ ਉਰਫ ਜੋਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਨ੍ਹਾਂ ਤਿੰਨ ਗ੍ਰਿਫ਼ਤਾਰੀਆਂ ਨਾਲ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 23 ਹੋ ਗਈ ਹੈ ਅਤੇ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਵਜੋਂ ਪਛਾਣੇ ਗਏ ਦੋ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਗਿਆ ਸੀ।
ਕਪਿਲ ਪੰਡਿਤ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਦੇ ਕਹਿਣਾ ਉਤੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਕਪਿਲ ਪੰਡਿਤ ਨੇ ਬਕਾਇਦਾ ਇਸ ਦੀ ਰੇਕੀ ਕੀਤੀ ਸੀ। ਉਸ ਨੇ ਸਚਿਨ ਬਿਸ਼ਨੋਈ ਤੇ ਸੰਤੋਸ਼ ਯਾਦਵ ਨਾਲ ਮਿਲ ਕੇ ਸਲਮਾਨ ਨੂੰ ਮਾਰਨ ਦਾ ਪਲਾਨ ਬਣਾਇਆ ਸੀ। ਸਖਤ ਸੁਰੱਖਿਆ ਕਰਕੇ ਉਹ ਆਪਣੇ ਟੀਚੇ ਵਿਚ ਸਫਲ ਨਹੀਂ ਹੋ ਸਕੇ।





