ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ BJP ਦੇ ਮੂੰਹ ਨੂੰ ਖ਼ੂਨ ਲੱਗ ਚੁੱਕਿਆ ਹੈ ਕਿ ਜੇ ਲੋਕ ਵੋਟਾਂ ਨਹੀਂ ਪਾਉਂਦੇ, ਫਿਰ ਦੂਜੀ ਤਰ੍ਹਾਂ ਖ਼ਰੀਦ ਲਵੋ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕ ਆਪਣੀ ਮਿੱਟੀ ਪ੍ਰਤੀ ਪੂਰੇ ਵਫ਼ਾਦਾਰ ਹਨ ਅਤੇ ਮੈਨੂੰ ਸਾਰਿਆਂ ਉਤੇ ਪੂਰਾ ਯਕੀਨ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਮਿੱਟੀ ਪ੍ਰਤੀ ਵਫਾਦਾਰ ਹਨ। ਦੂਜੀਆਂ ਪਾਰਟੀਆਂ ਨੇ ਚੋਣਾਂ ਸਮੇਂ ਖੂਬ ਪੈਸਾ ਵਹਾਇਆ ਪਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਜੋ ਕੰਮ ਭਾਜਪਾ ਕਰਨਾ ਚਾਹੁੰਦੀ ਹੈ, ਉਹ ਪੰਜਾਬ ਵਿਚ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਸਿੱਧੀ ਗੱਲ ਤਾਂ ਇਹ ਹੈ ਕਿ ਇਨ੍ਹਾਂ ਕੋਲੋਂ ਸਾਡੀ ਚੜ੍ਹਾਈ ਜਰੀ ਨਹੀਂ ਜਾਂਦੀ।
ਉਧਰ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ‘ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਾਡੇ ਵਿਧਾਇਕ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਅਤੇ ਬਲਜਿੰਦਰ ਕੌਰ ਸ਼ਾਮਲ ਹਨ।
ਉਹ ‘ਆਪ’ ਦੇ ਇਕ ਦਰਜਨ ਵਿਧਾਇਕਾਂ ਨੂੰ ਨਾਲ ਲੈ ਕੇ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।






