ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਦਿੱਤਾ ਗਿਆ ਹੈ। ਅੱਜ ਤੋਂ ਇਸ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ ਸਮੇਤ ਦੋਵਾਂ ਰਾਜਾਂ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਸਨ।
ਸੀਐਮ ਮਾਨ ਨੇ ਪੀਐਮ ਮੋਦੀ ਦਾ ਕੀਤਾ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਉਠਾਈ।
ਤੁਹਾਨੂੰ ਦੱਸ ਦੇਈਏ ਕਿ ਨਾਮ ਬਦਲਣ ਨਾਲ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣੀ ਤਕਰਾਰ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ।
ਪੀਐਮ ਨੇ ਮਨ ਕੀ ਬਾਤ ਵਿੱਚ ਕੀਤਾ ਸੀ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ ‘ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ।






