ਹੁਸ਼ਿਆਰਪੁਰ: ਸ਼ੁੱਕਰਵਾਰ ਨੂੰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ ‘ਚ 9 ਸਾਲਾ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੁਕੇਰੀਆਂ ਦੇ ਉਪ ਪੁਲਿਸ ਕਪਤਾਨ (ਡੀਐਸਪੀ) ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਪਿੰਡ ਬਿਸ਼ਨਪੁਰ ਦੇ ਗੁਰਦੁਆਰੇ ਦੇ ਗ੍ਰੰਥੀ ਤਰਸੇਮ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗ ਫਟੇ ਹੋਏ ਦੇਖੇ ਸਨ।
ਉਨ੍ਹਾਂ ਨੇ ਤੁਰੰਤ ਇਸ ਬਾਰੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੂੰ ਸੂਚਿਤ ਕੀਤਾ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਇੱਕ ਲੜਕਾ ਪੰਨੇ ਪਾੜਦਾ ਦਿਖਾਈ ਦਿੱਤਾ। ਲੜਕੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਸਥਾਨਕ ਸੁਧਾਰ ਘਰ ਭੇਜ ਦਿੱਤਾ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ‘ਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ।
ਪੁਲਿਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਸੰਗਤ ਤੋਂ ਛੁਡਵਾਇਆ ਅਤੇ ਥਾਣੇ ਲੈ ਆਈ। ਮੁਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਬੇਅਦਬੀ ਦਾ ਦੋਸ਼ੀ ਨੌਜਵਾਨ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ। ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੇ ਪਰਿਵਾਰ ਦੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬੇਅਦਬੀ ਦਾ ਮੁੱਦਾ ਕਾਫੀ ਜ਼ੋਰਦਾਰ ਢੰਗ ਨਾਲ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਗੱਲ ਵੀ ਕੀਤੀ ਸੀ ਪਰ ‘ਆਪ’ ਸਰਕਾਰ ਵੀ ਇਸ ਦਿਸ਼ਾ ਵਿੱਚ ਬਹੁਤਾ ਕੁਝ ਨਹੀਂ ਕਰ ਸਕੀ।
ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਪੰਜਾਬ ਵਿੱਚ ਬੇਅਦਬੀ ਦੇ ਦੋ ਦੋਸ਼ੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਮਾਮਲਾ ਅੰਮ੍ਰਿਤਸਰ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਦੇ ਨਿਜ਼ਾਮਪੁਰ ਗੁਰਦੁਆਰਾ ਸਾਹਿਬ ਦਾ ਸੀ। ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ






