ਨਵੀਂ ਦਿੱਲੀ- ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਨੂੰ ਮੁੜ ਜੇਲ਼ ਭੇਜਣ ਦੀ ਮੰਗ ਕੀਤੀ ਹੈ। ਉਨ੍ਹਾਂ ਟਵਿਟ ਵਿੱਚ ਲਿਖਿਆ ਹੈ ਕਿ ਬਿਲਕਿਸ ਬਾਨੋ ਦੀ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੇ ਹਰ ਨਿਰਭੈਆ ਦੀ ਰੂਹ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਮੁਆਫੀ ਅਤੇ ਪੈਰੋਲ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੋਂ 5 ਸਵਾਲ ਪੁੱਛੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਰਾਮ ਰਹੀਮ ਨੂੰ ਕੀ ਲੋੜ ਸੀ ਕਿ ਉਸ ਨੂੰ ਪੈਰੋਲ ਦਿੱਤੀ ਗਈ।
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰੀ ਅਤੇ ਕਾਤਲ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿੰਦਿਆਂ ਥਾਂ-ਥਾਂ ਸਤਿਸੰਗ ਕਰ ਰਿਹਾ ਹੈ ਅਤੇ ਇਸ ਸਤਿਸੰਗ ‘ਚ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮੇਅਰ ਹਿੱਸਾ ਲੈ ਰਹੇ ਹਨ।






