Shiv Sena Leader Sudhir Suri Killed In Amritsar: ਅੰਮ੍ਰਿਤਸਰ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਸੂਰੀ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪਰ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਇਕ ਵਾਰ ਫੇਰ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਈ ਹੈ।
ਇਸ ਮੌਕੇ ਅੰਮ੍ਰਿਤਸਰ ਤੋਂ ਆਪ ਵਿਧਾਇਕ ਵਿਜੇ ਕੁੰਵਰ ਪ੍ਰਤਾਪ ਸਿੰਘ ਨੇ ਆਪਣੀ ਸਰਕਾਰ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੇ ਸ਼ਾਂਤੀ ਬਰਕਰਾਰ ਰੱਖਣੀ ਚਾਹੀਦੀ ਹੈ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਪੁਲਿਸ ਕਮਿਸ਼ਨਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਫਸਰ, ਥਾਣੇਦਾਰ, ਮੁਨਸ਼ੀ ਸਭ ਪਿਛਲੀ ਸਰਕਾਰਾਂ ਦੇ ਨੇ, ਇਹ ਕੰਮ ਕਰਕੇ ਰਾਜੀ ਨਹੀਂ ਹੈ।
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਘਟਨਾ ਉਤੇ ਟਵਿਟ ਕੀਤਾ ਹੈ। ਉਨ੍ਹਾਂ ਟਵਿਟ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਬੇਹਦ ਮੰਦਭਾਗੀ ਘਟਨਾ। ਇਹ ਘਟਨਾ ਪੰਜਾਬ ਦੇ ਲਾਅ ਐਂਡ ਆਰਡਰ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ।
ਬੀਜੇਪੀ ਆਗੂ ਰਾਜਕੁਮਾਰ ਵੇਰਕਾ ਨੇ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਪ੍ਰਬੰਧ ਨੂੰ ਲੈਕੇ ਪੂਰੀ ਤਰ੍ਹਾਂ ਫੇਲ ਹੈ। ਪੰਜਾਬ ਪੂਰੀ ਤਰ੍ਹਾਂ ਨਾਲ ਗੈਂਗਸਟਰਵਾਦ ਵਿੱਚ ਡੁਬਿਆ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕੋਈ ਚਿੰਤਾ ਨਹੀਂ ਹੈ, ਉਹਨਾਂ ਦਾ ਸਾਰਾ ਧਿਆਨ ਗੁਜਰਾਤ ਚੋਣਾਂ ਉਤੇ ਹੈ।
ਦੱਸ ਦਈਏ ਕਿ ਇਸੇ ਸਾਲ ਜੂਨ ਮਹੀਨੇ ਵਿੱਚ ਪ੍ਰਸਿਧ ਗਾਇਕ ਅਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਦਾ ਵੀ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।






