ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ । ਪਰ ਅਜੇ ਤੱਕ ਇਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਦੇ ਨੋਟੀਫਿਕੇਸ਼ਨ ਦੀ ਕਾਪੀ ਨੂੰ ਕੂੜਾ ਦੱਸਿਆ ਹੈ । ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਪਾੜ ਦਿੱਤੀਆਂ ਅਤੇ ਉਨ੍ਹਾਂ ਨੂੰ ਕੂੜੇਦਾਨ ਦੇ ਵਿੱਚ ਸੁੱਟ ਦਿੱਤਾ ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਪੰਜਾਬ ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ। ਇਸ ਨੂੰ ਲਾਗੂ ਕਰਨ ਦਾ ਪੰਜਾਬ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ । ਇਹ ਝੂਠਾ ਨੋਟੀਫਿਕੇਸ਼ਨ ਦੇ ਕੇ ਪੰਜਾਬ ਸਰਕਾਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ।ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਾ ਕੀਤਾ ਤਾਂ ਅਸੀਂ ਵੱਡਾ ਸੰਘਰਸ਼ ਸ਼ੁਰੂ ਕਰਾਂਗੇ।
ਦਰਅਸਲ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ,ਪਰ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮ ਅਤੇ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀ ਕਾਪੀ ਦੀ ਭਾਲ ਕਰ ਰਹੇ ਹਨ।ਇਸ ਨੋਟੀਫਿਕੇਸ਼ਨ ਦੀ ਕਾਪੀ ਦੇਖਕੇ ਪੰਜਾਬ ਦੇ ਕਰਮਚਾਰੀ ਜਾਣਨਾ ਚਾਹੁੰਦੇ ਹਨ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਓ.ਪੀ.ਐਸ ਸਕੀਮ ਦੇ ਲਾਭ ਲਈ ਕਿਹੜੇ ਮਾਪਦੰਡ ਤੈਅ ਕੀਤੇ ਗਏ ਹਨ।





