ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਨੇ ਸਿੱਖ ਭਾਵਨਾਵਾਂ ਨੂੰ ਵੇਖਦਿਆਂ ਹੋਇਆਂ ਫਿਲਮਾਂ ਵਿੱਚ ਸਿੱਖ ਗੁਰੂਆਂ ਅਤੇ ਉ੍ਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਚਿੱਤਰਨ ਉਤੇ ਬੈਨ ਲਗਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ‘ਤੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਇਕ ਤਾਜ਼ਾ ਜਨਤਕ ਨੋਟਿਸ ਜਾਰੀ ਕਰਕੇ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਾਹਿਬਜ਼ਾਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨੂੰ ਦਰਸਾਉਣ ਵਾਲੇ ਕਿਸੇ ਵੀ ਕੰਮ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇਹ ਸਿੱਖ ਪਰੰਪਰਾਵਾਂ ਦੇ ਵਿਰੁੱਧ ਹੈ।
ਅੰਗਰੇਜ਼ੀ ਟ੍ਰਿਬਊਨ ਵਿੱਚ ਛਪੀ ਰਿਪੋਰਟ ਅਨੁਸਾਰ ਇਹ ਨੋਟਿਸ ‘ਵੀਰ ਬਾਲ ਦਿਵਸ’ ਮਨਾਉਣ ਲਈ ਕੇਂਦਰ ਦੇ ਪ੍ਰੋਗਰਾਮ ਦੀ ਪਿੱਠਭੂਮੀ ਵਿੱਚ ਜਾਰੀ ਕੀਤਾ ਗਿਆ ਸੀ, ਇਸ ਮੌਕੇ ਨੂੰ ਚਿੰਨ੍ਹਿਤ ਕਰਨ ਲਈ, ਸਕੂਲਾਂ ਨੂੰ ਵੱਖ-ਵੱਖ ਜਾਗਰੂਕਤਾ ਸਮਾਗਮਾਂ ਅਤੇ ਸਾਹਿਤਕ ਗਤੀਵਿਧੀਆਂ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ।
ਨੋਟਿਸ ਵਿੱਚ ਸਕੂਲਾਂ ਨੂੰ ਕਿਹਾ ਗਿਆ ਕਿ ਉਹ ਸਾਹਿਬਜ਼ਾਦਿਆਂ ਦੁਆਰਾ ਪ੍ਰਦਰਸ਼ਿਤ ਕੁਰਬਾਨੀ, ਹਿੰਮਤ, ਦ੍ਰਿੜਤਾ ਅਤੇ ਆਪਣੇ ਅੰਦਰ ਆਤਮ ਵਿਸ਼ਵਾਸ ਦੇ ਗੁਣਾਂ ਨੂੰ ਗ੍ਰਹਿਣ ਕਰਨ ਲਈ ਸਮਾਗਮਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਨ।
ਵਿਦਿਅਕ ਸੰਸਥਾਵਾਂ ਨੂੰ ਇਹ ਸਮਾਗਮ 26 ਦਸੰਬਰ ਤੋਂ 26 ਜਨਵਰੀ ਦਰਮਿਆਨ ਕਰਵਾਉਣ ਅਤੇ 28 ਜਨਵਰੀ ਤੱਕ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਐਸਜੀਪੀਸੀ ਨੇ “ਵੀਰ ਬਾਲ ਦਿਵਸ” ਦੇ ਨਾਮਕਰਨ ‘ਤੇ ਇਤਰਾਜ਼ ਜਤਾਇਆ ਸੀ ਅਤੇ ਕੇਂਦਰ ਨੂੰ ਇਸ ਦੀ ਥਾਂ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਰੱਖਣ ਦੀ ਅਪੀਲ ਕੀਤੀ ਸੀ ।






