ਪੰਜਾਬ ਦੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ ਹੈ ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਸੜਕ ਹਾਦਸਿਆਂ ਦੇ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਆਪਣਾ ਪੂਰਾ ਯੋਗਦਾਨ ਦੇਣ ਦਾ ਸੱਦਾ ਦਿੱਤਾ ਹੈ। ਭੁੱਲਰ ਨੇ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣੀ ਪਵੇਗੀ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿਰਫ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ।
ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ 11 ਤੋਂ 17 ਜਨਵਰੀ 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਮਹੀਨੇ ਦੇ ਵਿਚਾਲੇ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ। ਅਜਿਹੇ ਹਾਦੁਸਿਆਂ ਨੂੰ ਘੱਟ ਕਰਨ ਇੱਕ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਜ਼ਰੂਰਤ ਹੈ। ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।
ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਦੇ ਮੁਤਾਬਕ ਪੰਜਾਬ ਦੇ ਵਿੱਚ ਸੜਕ ਹਾਦਸਿਆਂ ਵਿੱਚ ਲਗਭਗ 4,589 ਲੋਕਾਂ ਦੀ ਮੌਤ ਹੋਈ ਅਤੇ ਰੋਜ਼ਾਨਾ 13 ਲੋਕ ਸੜਕੀ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕੁੱਲ ਸੜਕ ਹਾਦਸਿਆਂ ਵਿੱਚੋਂ 72 ਫ਼ੀਸਦੀ ਸੜਕ ਹਾਦਸੇ ਕੌਮੀ ਅਤੇ ਰਾਜ ਮਾਰਗਾਂ ‘ਤੇ ਹੁੰਦੇ ਹਨ ਅਤੇ 60 ਫ਼ੀਸਦੀ ਸੜਕ ਹਾਦਸੇ ਪੇਂਡੂ ਇਲਾਕਿਆਂ ਦੇ ਵਿੱਚ ਹੋ ਰਹੇ ਹਨ। ਭੁੱਲਰ ਨੇ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ। ਪੰਜਾਬ ਦੇ ਵਿੱਚ ਹਾਦਸਿਆਂ ਵਿੱਚ ਜ਼ਿਲ੍ਹਾ ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ਸਭ ਤੋਂ ਵੱਧ ਯੋਗਦਾਨ ਪਾ ਰਹੇ ਹਨ ਜਦਕਿ ਜਲੰਧਰ ਤੇ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਹਾਦਸਿਆਂ ਵਾਲੇ ਸ਼ਹਿਰ ਬਣ ਗਏ ਹਨ।
ਸੜਕ ਸੁਰੱਖਿਆ ਅਤੇ ਹਾਦਸਿਆਂ ਦੇ ਵਿੱਚ ਲੋਕਾਂ ਦੀ ਜਾਨ ਬਚਾਉਣ ਜਿਹੇ ਭਲਾਈ ਕਾਰਜਾਂ ਵਿੱਚ ਜੁਟੀਆਂ ਸਮਾਜ-ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮਾਜ-ਸੇਵੀ ਸੰਸਥਾਵਾਂ ਨੂੰ ਵੱਧ-ਚੜ੍ਹ ਕੇ ਸਮਾਜ ਭਲਾਈ ਦੇ ਕਾਰਜਾਂ ਦੇ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਸੁਰੱਖਿਆ ਲਈ ਸਰਕਾਰ ਨੂੰ ਸੁਝਾਅ ਦੇਣ ਤਾਂ ਜੋ ਲੋਕਾਂ ਦੀ ਜਾਨ ਦੀ ਸੁਰੱਖਿਆ ਕੀਤੀ ਜਾ ਸਕੇ।






