ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਸ ਸਾਲ ਮਾਰਚ ਮਹੀਨੇ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰ ਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਇਲਾਕੇ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਮਿਲ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰ ਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰ ਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦਿੱਤਾ ਜਾਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੁਖ ਜਤਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ।






