ਪ੍ਰਿਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਰੋਕੀ ਜਾ ਰਹੀ ਹੈ। ਪੰਜਾਬੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚਲਾਈ ਜਾ ਰਹੀ ਹਸਤਾਖ਼ਰ ਮੁਹਿੰਮ ਨੂੰ 18 ਫਰਵਰੀ ਤੋਂ ਪਿੰਡਾਂ ਵਿਚ ਚਲਾਉਣ ਵਿਚ ਪੂਰਾ ਡਟਵਾਂ ਸਮਰਥਨ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਹਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬਾਦਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਬੰਦੀ ਸਿੰਘ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਦੇ ਰਾਹ ਵਿਚ ਅੜਿਕਾ ਬਣੀ ਹੋਈ ਹੈ। ਇੰਜੀਨੀਅਰ ਨੂੰ ਹਾਲ ਹੀ ਵਿਚ 27 ਸਾਲਾਂ ਬਾਅਦ ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਸਨ ਤਾਂ ਯੂਟੀ ਪ੍ਰਸ਼ਾਸਨ ਨੇ ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਲਿਖ ਕੇ ਬੰਦੀ ਸਿੰਘ ਦੀ ਰਿਹਾਈ ਪਹਿਲਾਂ ਕੀਤੇ ਜਾਣ ਦੀ ਅਰਜ਼ੀ ’ਤੇ ਰਿਪੋਰਟ ਮੰਗੀ ਸੀ। ‘ਆਪ’ ਸਰਕਾਰ ਨੇ ਆਪਣੀ ਰਿਪੋਰਟ ਵਿਚ ਇਹ ਲਿਖ ਕੇ ਉਨ੍ਹਾਂ ਦੀ ਰਿਹਾਈ ਠੁਕਰਾ ਦਿੱਤੀ ਕਿ ਇਹ ਇਕ ਸ਼ੈਤਾਨੀ ਦਿਮਾਗ ਵਾਲਾ ਬੰਦਾ ਹੈ ਜੋ ਬੰਬ ਬਣਾਉਣ ਦਾ ਮਾਹਿਰ ਹੈ ਤੇ ਜੇਕਰ ਇਸਨੂੰ ਰਿਹਾਅ ਕੀਤਾ ਗਿਆ ਤਾਂ ਇਹ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਦੀ ‘ਆਪ’ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਚਾਰ ਵਾਰ ਰੱਦ ਕਰ ਦਿੱਤੀ ਸੀ। ਦੋਵੇਂ ਕਾਰਵਾਈਆਂ ਸਾਬਤ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਖਿਲਾਫ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਸਤੇ ‘ਆਪ’ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।
ਇਸ ਮੌਕੇ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਅਟਾਰੀ ਤੋਂ 18 ਫਰਵਰੀ ਨੂੰ ਪੰਜਾਬ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਅਕਾਲੀ ਵਰਕਰਾਂ ਸਮੇਤ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੀ ਡੱਟਵੀਂ ਹਮਾਇਤ ਕਰਨ ਤਾਂ ਜੋ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ।






