ਕਾਂਗਰਸ ਪਾਰਟੀ ਦੀ ਦਿੱਲੀ ਹਾਈ ਕਮਾਂਡ ਨੇ ਰਾਜਸਥਾਨ ਸੂਬੇ ਦੇ ਇੰਚਾਰਜ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸਿਫ਼ਾਰਸ਼ ’ਤੇ ਪੰਜਾਬ ਦੇ ਤਿੰਨ ਹੋਰ ਤਜਰਬੇਕਾਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਨੁਸਾਰ ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਨੂੰ ਆਬਜ਼ਰਵਰ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਨੂੰ ਕੋਆਰਡੀਨੇਟਰ ਜ਼ਿਲ੍ਹਾ ਹਨੂੰਮਾਨਗੜ੍ਹ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਜ਼ਿਲ੍ਹਾ ਗੰਗਾਨਗਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿਚ ਵੀ ਇਨ੍ਹਾਂ ਦੀ ਭੂਮਿਕਾ ਰਹੀ ਸੀ ਤੇ ਸਾਰੇ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਦੀ ਰਿਪੋਰਟ ਸਮੇਂ ਸਮੇਂ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਤੇ ਹਾਈ ਕਮਾਂਡ ਕੋਲ ਪਹੁੰਚਦੀ ਰਹੀ ਹੈ।
ਫੋਨ ’ਤੇ ਗੱਲਬਾਤ ਕਰਦਿਆਂ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ, ‘‘ਅਸੀਂ ਜਲਦੀ ਰਾਜਸਥਾਨ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਦੋਵਾਂ ਜ਼ਿਲ੍ਹਿਆਂ ਦੇ ਸੀਨੀਅਰ ਕਾਂਗਰਸੀ ਆਗੂਆਂ, ਮੰਤਰੀਆਂ, ਵਿਧਾਇਕਾਂ, ਜ਼ਿਲ੍ਹੇ ਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਾਂਗੇ। ਅਖੀਰ ਵਿਚ ਰਾਜਸਥਾਨ ਦੇ ਕਾਂਗਰਸੀ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ, ਸੂਬਾ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਮੁੱਖ ਮੰਤਰੀ ਰਾਜਸਥਾਨ ਅਸ਼ੋਕ ਗਹਿਲੋਤ ਤੇ ਹਾਈ ਕਮਾਂਡ ਦਾ ਸ਼ੁਕਰੀਆ ਅਦਾ ਕਰਦਾ ਹਾਂ’’।






