ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਅੱਜ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਵਿਵਸਥਾ ਬਹਾਲ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਯਾਦਵ ਨੇ ਪੰਜਾਬ ਦੀਆਂ ਸਾਰੀਆਂ ਰੇਂਜਾਂ ਦੇ ਆਈਜੀ, ਡੀਆਈਜੀ, 28 ਸੀਪੀ, ਐੱਸਐੱਸਪੀ, 117 ਡੀਐੱਸਪੀ ਅਤੇ 413 ਪੁਲਿਸ ਥਾਣਿਆਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰਐੱਨ ਢੋਕੇ, ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਅਤੇ ਏਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਯਾਦਵ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਮੈਨਪਾਵਰ ਤੇ ਸਾਜ਼ੋ-ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਨਾਗਰਿਕ ਪੱਖੀ ਪਹੁੰਚ ਅਪਣਾਉਂਦਿਆਂ ਜ਼ਮੀਨੀ ਪੱਧਰ ’ਤੇ ਬੁਨਿਆਦੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਮੈਨਪਾਵਰ ਵਧਾਉਣ ਲਈ ਜ਼ਿਲ੍ਹਿਆਂ ਵਿਚ ਤਾਇਨਾਤ ਕੁਲ ਪੁਲਿਸ ਫੋਰਸ ਦਾ ਘੱਟੋ-ਘੱਟ 50 ਫੀਸਦੀ ਕਰਮਚਾਰੀ ਪੁਲਿਸ ਥਾਣਿਆਂ ਵਿਚ ਤਾਇਨਾਤ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐੱਸਐੱਚਓਜ਼) ਨੂੰ ਵੀ ਹਦਾਇਤ ਕੀਤੀ ਕਿ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਉਹ ਆਮ ਜਨਤਾ ਦੀ ਪਹੁੰਚ ਅਤੇ ਸੰਪਰਕ ਵਿਚ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਉਨ੍ਹਾਂ ਨੇ ਐੱਸਐੱਚਓਜ਼ ਨੂੰ ਆਪਣੇ ਅਧਿਕਾਰ ਖੇਤਰ ਵਿਚ ਮਾੜੇ ਅਨਸਰਾਂ ਦੇ ਅਪਰਾਧਕ ਰਿਕਾਰਡ ਖੋਲ੍ਹਣ ਅਤੇ ਘਿਨਾਉਣੇ ਅਪਰਾਧਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਨ ਲਈ ਵੀ ਕਿਹਾ।
ਡੀਜੀਪੀ ਨੇ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਸੂਬੇ ਵਿਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜਨਤਕ ਥਾਵਾਂ ਜਿਵੇਂ ਕਿ ਬਾਜ਼ਾਰਾਂ, ਧਾਰਮਿਕ ਸਥਾਨਾਂ, ਨਿੱਜੀ ਜਾਇਦਾਦਾਂ ਆਦਿ ਵਿਚ ਨਿਗਰਾਨੀ ਲਈ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ਲਈ ਵੀ ਕਿਹਾ।






