ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ਵੱਲੋਂ ਦਿੱਲੀ ਦੇ ਦੋ ਯੋਗ ਇੰਸਟ੍ਰਕਟਰਾਂ ਨੂੰ ਮੋਟੀਆਂ ਤਨਖ਼ਾਹਾਂ ’ਤੇ ਭਰਤੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਸਰਕਾਰੀ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਚ ਗੈਰ-ਪੰਜਾਬੀਆਂ ਨੂੰ ਨੌਕਰੀ ’ਤੇ ਰੱਖਿਆ ਗਿਆ ਹੈ, ਜੋ ਕਿ ਪੰਜਾਬ ਵਿਰੋਧੀ ਹਰਕਤ ਹੈ। ਬਾਜਵਾ ਨੇ ਪੰਜਾਬ ਦੇ ਰਾਜਪਾਲ, ਜੋ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਵੀ ਹਨ, ਨੂੰ ਇਸ ਗੱਲ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਬਾਜਵਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਆਪਣੇ ਆਪ ਨੂੰ ਪੰਜਾਬੀ ਭਾਸ਼ਾ ਦੇ ਝੰਡਾਬਰਦਾਰ ਵਜੋਂ ਪੇਸ਼ ਕਰ ਰਹੇ ਹਨ। ਕੀ ਉਨ੍ਹਾਂ ਨੇ ਇਨ੍ਹਾਂ ਦੋਵਾਂ ਇੰਸਟ੍ਰਕਟਰਾਂ ਨੂੰ ਨੌਕਰੀ ’ਤੇ ਰੱਖਣ ਤੋਂ ਪਹਿਲਾਂ ਉਨ੍ਹਾਂ ਦੀਆਂ ‘ਯੋਗਤਾਵਾਂ’ ਦੀ ਜਾਂਚ ਕੀਤੀ ਹੈ? ਕੀ ਨੌਕਰੀ ਲੈਣ ਤੋਂ ਪਹਿਲਾਂ 10ਵੀਂ ਜਮਾਤ ਦੀ ਪੰਜਾਬੀ ਭਾਸ਼ਾ ਦੀ ਪ੍ਰੀਖਿਆ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੈ? ਇਸ ਬਾਰੇ ਮੁੱਖ ਮੰਤਰੀ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ‘ਆਪ’ ਦੀ ਪੰਜਾਬ ਸਰਕਾਰ ਨੇ ਅਜਿਹਾ ਅਨੈਤਿਕ ਕੰਮ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਦੋ ਨੌਕਰਸ਼ਾਹਾਂ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਵਿਚ ਨਿਯੁਕਤ ਕੀਤਾ, ਜੋ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਨ। ਬਿਨਾਂ ਕਿਸੇ ਅਧਿਕਾਰ ਦੇ ਅਰਵਿੰਦ ਕੇਜਰੀਵਾਲ ਦਾ ਬੰਦਾ ਨਵਲ ਅਗਰਵਾਲ ਪੰਜਾਬ ਦੇ ਨੌਕਰਸ਼ਾਹਾਂ ਦੀਆਂ ਮੀਟਿੰਗਾਂ ਲੈ ਰਿਹਾ ਹੈ। ਇਸੇ ਤਰਾਂ ਦਿੱਲੀ ਦੀ ਡਾ. ਸਤਬੀਰ ਕੌਰ ਬੇਦੀ ਸੇਵਾ ਮੁਕਤ ਆਈਏਐੱਸ ਅਧਿਕਾਰੀ ਨੂੰ ਸਕੂਲ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।






