ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸਬੰਧੀ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵਲੋਂ ਬੀਤੀ 6 ਮਾਰਚ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ 23 ਮਾਰਚ ਲਈ ਅਦਾਲਤ ਵੱਲੋਂ ਤਲਬ ਕੀਤਾ ਗਿਆ ਹੈ, ਜਿਸ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਗਿ੍ਫਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਆਦਲਤ ਵਿੱਚ ਅਗਾਉਂ ਜਮਾਨਤ ਲਾ ਦਿੱਤੀ ਹੈ, ਜਿਸ ਦੀ ਅਰਜ਼ੀ ਤੇ ਅਦਾਲਤ ਨੇ 14 ਮਾਰਚ ਨੂੰ ਸੁਣਵਾਈ ਕਰਨੀ ਹੈ। ਜਾਣਕਾਰੀ ਅਨੁਸਾਰ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੇ ਐੱਲ.ਕੇ. ਯਾਦਵ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬੀਤੀ 24 ਫਰਵਰੀ ਨੂੰ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਵਿੱਚ 7 ਹਜਾਰ ਪੰਨਿਆ ਦੀ ਚਾਰਜਸ਼ੀਟ ਦਾਇਰ ਕਰਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀਕਾਂਡ ਦੇ ਮੁੱਖ ਸਾਜਿਸ਼ਕਰਤਾ ਦੱਸੇ ਗਏ ਹਨ ।






