ਮਲੋਟ ਦੇ ਪਿੰਡ ਝੰਡਵਾਲਾ ਚੜ੍ਹਤ ਸਿੰਘ ‘ਚ ਸ਼ੁੱਕਰਵਾਰ ਸ਼ਾਮ ਨੂੰ ਇਕ ਪੋਸਟਮੈਨ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ (37) ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ।
ਮਰਨ ਤੋਂ ਪਹਿਲਾਂ ਗੁਰਪਿਆਰ ਸਿੰਘ ਨੇ ਇੰਟਰਨੈੱਟ ਮੀਡੀਆ ‘ਤੇ ਇਕ ਵੀਡੀਓ ਵੀ ਵਾਇਰਲ ਕੀਤੀ ਜਿਸ ਵਿੱਚ ਉਹ ਆਪਣੀ ਪਤਨੀ ਨੂੰ ਬੱਚਿਆਂ ਦੀ ਦੇਖਭਾਲ ਕਰਨ ਲਈ ਕਹਿ ਰਿਹਾ ਹੈ। ਦੂਜੇ ਪਾਸੇ ਮ੍ਰਿਤਕ ਦੇ ਪਿਤਾ ਪ੍ਰੀਤਮ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਨੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਉਸ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਹੁਰੇ ਵਾਲੇ ਉਸ ਦੇ ਲੜਕੇ ਨੂੰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਕਰਦੇ ਆ ਰਹੇ ਸਨ। ਗੁਰਪਿਆਰ ਦੀ ਪਤਨੀ ਕੁਝ ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ ਜਿਸ ਕਾਰਨ ਦੁਖੀ ਹੋ ਕੇ ਉਸ ਦੇ ਪੁੱਤਰ ਨੇ ਆਪਣੀ ਜਾਨ ਦੇ ਦਿੱਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਲੜਕਾ ਮਲੋਟ ਦੇ ਡਾਕਖਾਨੇ ‘ਚ ਪੋਸਟਮੈਨ ਦਾ ਕੰਮ ਕਰਦਾ ਸੀ।
ਥਾਣਾ ਸਿਟੀ ਮਲੋਟ ਦੇ ਇੰਚਾਰਜ ਵਰੁਣ ਮੱਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਝੰਡਵਾਲਾ ਦੇ ਇਕ ਨੌਜਵਾਨ ਚੜ੍ਹਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਘਰੇਲੂ ਤੌਰ ‘ਤੇ ਪਰੇਸ਼ਾਨ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਅਜੇ ਤਕ ਕੋਈ ਬਿਆਨ ਨਹੀਂ ਦਿੱਤਾ ਹੈ। ਉਹ ਜੋ ਬਿਆਨ ਦੇਣਗੇ, ਉਸ ਦੇ ਆਧਾਰ ‘ਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।






