ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਵੱਲੋਂ ਪੇਸ਼ ਚਾਰਜਸ਼ੀਟ ਵਿੱਚ ਸ਼ਾਮਲ ਮੁਲਜ਼ਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਹੈ ਜਦੋਂਕਿ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਗਈ ਸੀ। ਇਹ ਫੈਸਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ।
ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦੇਣ ਨਾਲ ਸੁਖਬੀਰ ਸਿੰਘ ਬਾਦਲ ਲਈ ਮੁਸ਼ਕਲ ਖੜ੍ਹੀ ਹੋ ਗਈ ਹੈ ਅਤੇ ਉਨ੍ਹਾਂ ਦੇ ਸਿਰ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ ਹਾਲਾਂਕਿ ਉਨ੍ਹਾਂ ਕੋਲ ਹਾਈ ਕੋਰਟ ਜਾਣ ਦਾ ਰਾਹ ਅਜੇ ਖੁੱਲ੍ਹਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਦੋਵਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 14 ਮਾਰਚ ਨੂੰ ਹੋਈ ਸੀ ਅਤੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਗਿਆ ਸੀ ਤੇ ਅੱਜ ਫ਼ੈਸਲਾ ਸੁਣਾਇਆ ਗਿਆ ਹੈ।
ਏ.ਡੀ.ਜੀ.ਪੀ. ਐੱਲ.ਕੇ.ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਦੋਹਾਂ ਆਗੂਆਂ ਨੂੰ 23 ਮਾਰਚ ਲਈ ਸੰਮਨ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ।






