ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਵਿਜੀਲੈੱਸ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਚੰਨੀ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਮਾਮਲਾ ਗੋਆ ’ਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਭਾਅ ’ਤੇ ਪਟੇ ’ਤੇ ਦੇਣ ਦਾ ਹੈ। ਚੰਨੀ ਚੌਥੇ ਸਾਬਕਾ ਮੁੱਖ ਮੰਤਰੀ ਹਨ ਜੋ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਚੰਨੀ ਤੋਂ ਪਹਿਲਾਂ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਰਜਿੰਦਰ ਕੌਰ ਭੱਠਲ ਵੀ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਚੁੱਕੇ ਹਨ। ਚੇਤੇ ਰਹੇ ਕਿ ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17 ਇਕ ਤਹਿਤ ਕਾਰਵਾਈ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਜ਼ਰੂਰੀ ਹੁੰਦੀ ਹੈ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਮਨਜ਼ੂਰੀ ਮਿਲਣ ਪਿੱਛੋਂ ਚੰਨੀ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ। ਚੰਨੀ ’ਤੇ ਵਿਜੀਲੈਂਸ ਬਿਊਰੋ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਪਰ ਗੋਆ ਦੀ ਜ਼ਮੀਨ ਸਸਤੇ ਭਾਅ ’ਤੇ ਦੇਣ ਦੇ ਮਾਮਲੇ ’ਚ ਕੁਝ ਪੁਖ਼ਤਾ ਸਬੂਤ ਹੱਥ ਲੱਗੇ ਹਨ।
ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਸੈਰ-ਸਪਾਟਾ ਮੰਤਰੀ ਸਨ। ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋੋਂ ਬਾਅਦ ਵੀ ਇਹ ਵਿਭਾਗ ਆਪਣੇ ਕੋਲ ਰੱਖਿਆ ਸੀ। ਗੋਆ ਦੀ ਜ਼ਮੀਨ ਇਕ ਰਿਜ਼ਾਰਟ ਦੇ ਮਾਲਕ ਕੋਲ ਸਸਤੇ ਮੁੱਲ ’ਤੇ ਦੇਸ਼ ਦਾ ਦੋਸ਼ ਹੈ। ਇਸ ਮਾਮਲੇ ’ਚ ਵਿਜੀਲੈਂਸ ਆਈਏਐੱਸ ਦੀ ਭੂਮਿਕਾ ਦੀ ਵੀ ਜਾਂਚ ਕਰ ਰਿਹਾ ਹੈ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਤੋਂ ਬੀਤੇ ਅਪ੍ਰੈਲ ਮਹੀਨੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਚੰਨੀ ਤੋਂ ਰੇਤ ਮਾਫ਼ੀਆ ਨਾਲ ਸਬੰਧਾਂ, ਨਾਜਾਇਜ਼ ਕਾਲੋਨੀਆਂ ਕੱਟਣ, ਸਰਕਾਰੀ ਗਰਾਂਟਾਂ ’ਚ ਘਾਲਾਮਾਲਾ, ਚੰਨੀ ਦੇ ਰਿਸ਼ਤੇਦਾਰ ਤੋਂ 10 ਕਰੋੜ ਰੁਪਏ ਦੀ ਬਰਾਮਦਗੀ ਦੀ ਈਡੀ ਜਾਂਚ , ਦੇਸ਼ ਵਿਦੇਸ਼ ’ਚ ਨਿਵੇਸ਼, ਪੁੱਤਰ ਦੇ ਵਿਆਹ ’ਚ ਸਰਕਾਰੀ ਖ਼ਰਚ ਦੀ ਜਾਂਚ ਕਰ ਰਹੀ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਕਾਂਗਰਸ ਦੇ ਇਕ ਦਰਜਨ ਤੋਂ ਜ਼ਿਆਦਾ ਸਾਬਕਾ ਮੰਤਰੀਆਂ ਤੇ ਵਿਧਾਇਕਾਂ ’ਤੇ ਕਾਰਵਾਈ ਕਰ ਚੁੱਕੀ ਹੈ। ਜਿਨ੍ਹਾਂ ’ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਕਿੱਕੀ ਢਿੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੇ ਭਾਜਪਾ ’ਚ ਸ਼ਾਮਲ ਹੋ ਚੁੱਕੇ ਕਈ ਵਿਧਾਇਕਾਂ ਦੀ ਵੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ।






