ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਲਖਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਵਾਸੀ ਰੰਗੀਲਪੁਰ ਥਾਣਾ ਰੰਗੜਨੰਗਲ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਨੌਜਵਾਨ ਦਾ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਨੌਜਵਾਨ ਨਾਲ ਪੁਰਾਣੀ ਰੰਜਿਸ਼ ਸੀ। ਮ੍ਰਿਤਕ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਦੇ ਭਰਾ ਦਾ ਕਤਲ ਕਰ ਦਿੱਤਾ ਸੀ ਜਿਸ ਕੇਸ ਵਿਚ ਉਹ ਭਗੌੜਾ ਵੀ ਸੀ। ਇਸੇ ਰੰਜਿਸ਼ ਕਾਰਨ ਉਕਤ ਮੁਲਜ਼ਮਾਂ ਨੇ ਸਾਜ਼ਿਸ਼ ਦੇ ਤਹਿਤ ਨੌਜਵਾਨ ਨੂੰ ਆਪਣੇ ਕੋਲ ਬੁਲਾ ਕੇ ਉਸ ਦਾ ਕਤਲ ਕਰ ਕੇ ਲਾਸ਼ ਮੋਹਕਮਪੁਰਾ ਇਲਾਕੇ ’ਚ ਸੁੱਟ ਦਿੱਤਾ। 20 ਜਨਵਰੀ ਨੂੰ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਲਾਸ਼ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਵੀ ਸਕੈਨ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਬਾਕੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੀ ਪਛਾਣ ਸ਼ਰਨਪ੍ਰੀਤ ਸਿੰਘ ਵਾਸੀ ਜੈਤੋ ਸਰਜਾ ਰੰਗੜ ਨੰਗਲ ਬਟਾਲਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੇ 19 ਤਰੀਕ ਨੂੰ ਸਾਜ਼ਿਸ਼ ਤਹਿਤ ਉਸ ਦੇ ਲੜਕੇ ਸ਼ਰਨਪ੍ਰੀਤ ਸਿੰਘ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਪਹਿਲਾਂ ਵੀ ਉਸ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ। ਪੂਰੇ ਪਰਿਵਾਰ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਸੀ। ਫਿਰ ਦੋਵਾਂ ਨੇ ਇਕ ਸਾਜ਼ਿਸ਼ ਦੇ ਤਹਿਤ 11 ਅਕਤੂਬਰ 2023 ਨੂੰ ਸਵੇਰੇ 7 ਵਜੇ ਸ਼ਰਨਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਦੋਂ ਉਸ ਦਾ ਲੜਕਾ ਗੇਟ ’ਤੇ ਖੜ੍ਹਾ ਸੀ। ਉਹ ਉਸ ਨੂੰ ਤੁਰੰਤ ਫੋਰਟਿਸ ਹਸਪਤਾਲ ਲੈ ਗਿਆ, ਜਿੱਥੇ ਬੜੀ ਮੁਸ਼ਕਲ ਨਾਲ ਉਸ ਦੀ ਜਾਨ ਬਚਾਈ ਗਈ। ਇਨ੍ਹਾਂ ਲੋਕਾਂ ਨੇ ਉਸ ਨੂੰ ਦੁਬਾਰਾ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੂਰੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪੂਰੀ ਤਰ੍ਹਾਂ ਠੀਕ ਹੋ ਗਿਆ। 19 ਜਨਵਰੀ ਨੂੰ ਉਹ ਆਪਣੇ ਨਾਨੇ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਗਿਆ ਸੀ। ਇਸੇ ਦੌਰਾਨ ਉਕਤ ਮੁਲਜ਼ਮਾਂ ਨੇ ਸਾਜ਼ਿਸ਼ ਤਹਿਤ ਉਸ ਨੂੰ ਰਾਹ ਵਿਚ ਰੋਕ ਲਿਆ ਅਤੇ ਉਸ ਦਾ ਕਤਲ ਕਰਕੇ ਲਾਸ਼ ਸੁੱਟ ਦਿੱਤੀ।






