ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਬਦਲ ਗਿਆ ਹੈ। ਦਿੱਲੀ-ਐਨਸੀਆਰ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਬੀਤੇ ਦਿਨ ਤੋਂ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ।
ਅੱਜ ਤੜਕਸਾਰ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਚ ਹੋਈ ਬਾਰਿਸ਼ ਨੇ ਦੁਬਾਰਾ ਠੰਢ ਵਧਾ ਦਿੱਤੀ ਹੈ । ਦੋਰਾਹਾ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ ਵਿੱਚ ਜਿੱਥੇ ਮੀਂਹ ਨੇ ਲੋਕਾਂ ਨੂੰ ਸੁੱਕੀ ਪੈ ਰਹੀ ਠੰਡ ਤੋਂ ਨਿਜ਼ਾਤ ਦਿਵਾਈ, ਉਥੇ ਹੀ ਹੋਈ ਗੜੇਮਾਰੀ ਕਾਰਨ ਕਿਸਾਨਾਂ ਨੇ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖਦਸ਼ਾ ਵੀ ਜਤਾਇਆ ਹੈ।
ਭਾਵੇਂ ਕਿ ਖੇਤੀ ਮਾਹਿਰਾਂ ਅਨੁਸਾਰ ਇਹ ਮੀਂਹ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਮੰਨਿਆ ਜਾ ਰਿਹਾ ਹੈ, ਪਰ ਕਈ ਪਿੰਡਾਂ ਚ ਗੜੇਮਾਰੀ ਨੇ ਕਣਕ ਦੀ ਖੜੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਯੈਲੋ-ਆਰੇਂਜ ਅਲਰਟ ਜਾਰੀ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (ਰੇਨ ਯੈਲੋ ਅਲਰਟ ਇਨ ਪੰਜਾਬ) ਜਾਰੀ ਕੀਤਾ ਗਿਆ ਹੈ।






