ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮਹਾਰਾਸ਼ਟਰ ਸਰਕਾਰ ਵਲੋਂ ਬਣਾਏ ਤਖ਼ਤ ਸ੍ਰੀ ਹਜੂਰ ਸਾਹਿਬ ਬੋਰਡ ਦੇ ਨਵੇਂ ਐਕਟ ‘ਤੇ ਇਤਰਾਜ ਕਰਦਿਆ ਇਸ ਨੂੰ ਸਿੱਖਾਂ ਦੇ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਦੁਨੀਆ ਭਰ ਦੇ ਵਿਚ ਜਦ ਜਦ ਵੀ ਸਮੇਂ ਦੀਆਂ ਸਰਕਾਰਾਂ ਧਾਰਮਿਕ ਸਥਾਨਾਂ ਅਤੇ ਧਰਮ ਵਿਚ ਦਖਲਅੰਦਾਜੀ ਕਰਦੀਆਂ ਹਨ ਤਾਂ ਉੱਥੇ ਸਮਾਜ ਅਤੇ ਦੇਸ਼ ਦਾ ਬਹੁਤ ਵੱਡਾ ਨੁਕਸਾਨ ਹੁੰਦਾ ਹੈ। ਮਹਾਰਾਸ਼ਟਰ ਦੀ ਸਰਕਾਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜਿਹੜੀ ਸਿੱਧੀ ਦਖਲ ਅੰਦਾਜੀ ਕੀਤੀ ਹੈ ਅਜਿਹਾ ਹੀ ਕਾਂਗਰਸ ਸਰਕਾਰ ਆਪਣੇ ਸਮੇਂ ‘ਚ ਕਰਦੀ ਸੀ, ਪਰ ਉਹ ਕਾਮਯਾਬ ਨਹੀਂ ਹੋਈ।
ਜਥੇਦਾਰ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਲ ਸਿੱਖਾਂ ਨੂੰ ਵੱਧ ਤੋਂ ਵੱਧ ਨੁਮਾਇੰਦਗੀ ਮਿਲਣੀ ਚਾਹੀਦੀ ਹੈ। ਮਹਾਰਾਸ਼ਟਰ ਸਰਕਾਰ ਨੇ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 1956 ਦੇ ਐਕਟ ਵਿਚ ਤਬਦੀਲੀ ਕਰਨੀ ਹੀ ਸੀ ਤਾਂ ਉਥੋਂ ਦੀਆਂ ਸਿੰਘ ਸਭਾਵਾਂ ਨੂੰ ਵੀ ਨੁਮਾਇੰਦਗੀ ਮਿਲਣੀ ਚਾਹੀਦੀ ਸੀ।






