ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ ਅਤੇ ਸਰਕਾਰ ਦੇ ਤਾਜ਼ਾ ਕੈਬਨਿਟ ਫੈਸਲੇ ਵਿਰੁੱਧ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਸੰਗਤ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰੇਗਾ। ਮਹਾਰਾਸ਼ਟਰ ਨੇ ਗੁਰਦੁਆਰਾ ਬੋਰਡ ਵਿੱਚ ਸਰਕਾਰ ਦਾ ਪ੍ਰਭਾਵ ਵਧਾਉਣ ਲਈ ‘ਦਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਵਿੱਚ ਸੋਧ ਕੀਤੀ ਹੈ। ਸਰਕਾਰ ਨੇ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾ ਦਿੱਤੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਰਫ਼ੋਂ ਨਾਂਦੇੜ ਪਹੁੰਚ ਗਏ ਹਨ। ਵਫ਼ਦ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਸ: ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ: ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਸ਼ਾਮਲ ਹਨ।






