ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਬੰਦ ਕਰਨ ਅਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦੇ ਵਿਰੋਧ ‘ਚ ਪੰਜਾਬ ਕਾਂਗਰਸ ਨੇ ਅੱਜ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਕਾਂਗਰਸੀ ਆਗੂਆਂ ਨੇ ਸੈਕਟਰ 3 ਸਥਿਤ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਕਰੀਬ ਇੱਕ ਘੰਟੇ ਤੱਕ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਕਾਂਗਰਸੀ ਆਗੂਆਂ ਨੂੰ ਸੈਕਟਰ 11 ਦੇ ਥਾਣੇ ਲਿਜਾਇਆ ਗਿਆ।
]
ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣਾ ਅਤੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣੀਆਂ ਕਾਇਰਤਾ ਹੈ। ਹਰਿਆਣਾ ਦੀ ਖੱਟਰ ਸਰਕਾਰ ਨੂੰ ਤੁਰੰਤ ਸਰਹੱਦ ਖੋਲ੍ਹਣੀ ਚਾਹੀਦੀ ਹੈ। ਦੱਸ ਦਈਏ ਕਿ ਕੱਲ੍ਹ ਕਾਂਗਰਸ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ।






