ਸਿੱਖ ਕੌਮ ਵੱਲੋਂ ਅੰਗਰੇਜ਼ ਹਕੂਮਤ ਦੇ ਜ਼ੁਲਮ ਵਿਰੁੱਧ ਲਗਾਏ ਗਏ ਜੈਤੋ ਮੋਰਚੇ ਦੀ ਸ਼ਤਾਬਦੀ ਸਬੰਧੀ ਸਮਾਗਮ ਸੋਮਵਾਰ ਨੂੰ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ। ਇਸ ਮੌਕੇ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਬਠਿੰਡਾ ਰੋਡ ਜੈਤੋ ਤੱਕ ਵਿਸ਼ਾਲ ਨਗਰ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ।
ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਹੱਕ-ਸੱਚ ਦੀ ਪਹਿਰੇਦਾਰੀ ਵਾਸਤੇ ਵੱਡੀਆਂ ਕੁਰਬਾਨੀਆਂ ਹੋਈਆਂ। ਉਨ੍ਹਾਂ ਕਿਹਾ ਕਿ ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਬੰਨਿ੍ਹਆ ਜਿਸ ਦੀ ਲੜੀ ਨੂੰ ਸਿੱਖਾਂ ਨੇ ਕਾਇਮ ਰੱਖਿਆ। ਜੈਤੋ ਦਾ ਮੋਰਚਾ ਇਸੇ ਹੀ ਸ਼ਾਨਾਮੱਤੇ ਇਤਿਹਾਸ ਦੀ ਤਰਜ਼ਮਾਨੀ ਕਰਦਾ ਹੈ। ਇਹ ਮੋਰਚਾ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਸੰਘਰਸ਼ ਦਾ ਬਿਗਲ ਸੀ ਜਿਸ ਨੇ ਜ਼ਾਲਮ ਹਕੂਮਤ ਦੀ ਧੱਕੇਸ਼ਾਹੀ ਨੂੰ ਚੁਣੌਤੀ ਦਿੱਤੀ। ਇਸ ਵਿਚੋਂ ਸਿੱਖ ਕੌਮ ਜੇਤੂ ਹੋ ਕੇ ਨਿਕਲੀ। ਸਿੱਖ ਕੌਮ ਦਾ ਇਹ ਇਤਿਹਾਸ ਸੰਗਤਾਂ ਤੇ ਖਾਸਕਰ ਨੌਜੁਆਨੀ ਲਈ ਪੇ੍ਰਰਣਾਸਰੋਤ ਹੈ।
ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਿੱਖ ਧਰਮ ਨੂੰ ਲੁੱਕਵੇਂ ਰੂਪ ਵਿਚ ਕਈ ਚੁਣੌਤੀਆਂ ਦਰਪੇਸ਼ ਹਨ ਜਿਨ੍ਹਾਂ ਨੂੰ ਪਛਾਣ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅੱਜ ਕੌਮ ਲਈ ਬੇਹੱਦ ਜ਼ਰੂਰੀ ਹੈ, ਜਿਸ ਲਈ ਸਮੁੱਚੀ ਕੌਮ ਯੋਗਦਾਨ ਪਾਵੇ।
ਇਸ ਮੌਕੇ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਤੱਕ ਵਿਸ਼ਾਲ ਨਗਰ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਨਿਹੰਗ ਸਿੰਘ ਦਲਾਂ ਵੱਲੋਂ ਊਠਾਂ ਤੇ ਘੋੜਿਆਂ ਨਾਲ ਸ਼ਮੂਲੀਅਤ ਕੀਤੀ ਗਈ। ਜੈਤੋ ਮੋਰਚੇ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਇਸ ਦੌਰਾਨ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਵੀ ਨਗਰ ਕੀਰਤਨ ਦਾ ਹਿੱਸਾ ਬਣੇ। ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦੇ ਜੌਹਰ ਵਿਖਾਏ।
ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਕੇਵਲ ਸਿੰਘ ਬਾਦਲ, ਜਥੇਦਾਰ ਸ਼ੇਰ ਸਿੰਘ ਮੰਡ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਜੋਗਿੰਦਰ ਕੌਰ, ਸੂਬਾ ਸਿੰਘ ਬਾਦਲ, ਹਰਵਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਹਰਭਜਨ ਸਿੰਘ ਵਕਤਾ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਪਾਲ ਸਿੰਘ, ਬਾਬਾ ਬਲਬੀਰ ਸਿੰਘ ਹਰੜਾ ਵਾਲੇ, ਦਵਿੰਦਰ ਸਿੰਘ ਧਾਮੀ, ਬਾਬਾ ਹਰਭਜਨ ਸਿੰਘ ਲੁਧਿਆਣਾ, ਬਾਬਾ ਰਘਬੀਰ ਸਿੰਘ, ਸੁਖਰਾਜ ਸਿੰਘ, ਸੁਮੇਰ ਸਿੰਘ, ਰੇਸ਼ਮ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ, ਕਰਤਾਰ ਸਿੰਘ, ਲਖਵਿੰਦਰ ਸਿੰਘ, ਬੀਬੀ ਮਨਜੀਤ ਕੌਰ, ਡਾ. ਅਮਰਜੀਤ ਕੌਰ, ਭਾਈ ਸਰਬਜੀਤ ਸਿੰਘ ਢੋਟੀਆਂ, ਸੰਤ ਰਿਸ਼ੀ ਰਾਮ ਜੀ ਜਲਾਲਵਾਲੇ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।
ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖ਼ੂਨੀ ਦਾਸਤਾਨ’ ਜਾਰੀ
ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਧਾਮੀ ਨੇ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ, ਜਿਸ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਲਈ ਸਚਿੱਤਰ ਪੁਸਤਕ ਤਿਆਰ ਕੀਤੀ ਗਈ ਹੈ। ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ ਨੇ ਇਸ ਪੁਸਤਕ ਵਿਚ ਉਸ ਸਮੇਂ ਦੀਆਂ ਕਈ ਅਹਿਮ ਤਸਵੀਰਾਂ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਜੈਤੋ ਦੇ ਮੋਰਚੇ ਦੇ ਸਾਰੇ ਜਥਿਆਂ ਅਤੇ ਸ਼ਹੀਦਾਂ ਦੇ ਵੇਰਵੇ ਦਰਜ ਕੀਤੇ ਹਨ। ਪੁਸਤਕ ਜੈਤੋ ਮੋਰਚੇ ਦੇ 100 ਸਾਲਾ ਸਮਾਗਮਾਂ ਦੀ ਵਿਸ਼ੇਸ਼ ਗਵਾਹੀ ਵਜੋਂ ਸੰਗਤਾਂ ਵਿਚ ਆਪਣਾ ਸਥਾਨ ਗ੍ਰਹਿਣ ਕਰੇਗੀ।
ਬੁੱਧਵਾਰ ਤੱਕ ਜਾਰੀ ਰਹਿਣਗੇ ਸ਼ਤਾਬਦੀ ਸਮਾਗਮ
ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦੇ ਅੱਜ ਸ਼ੁਰੂ ਹੋਏ ਸਮਾਗਮ 21 ਫ਼ਰਵਰੀ ਦਿਨ ਬੁੱਧਵਾਰ ਤੱਕ ਜਾਰੀ ਰਹਿਣਗੇ। ਮੰਗਲਵਾਰ ਦੇ ਸਮਾਗਮ ਵਿਚ ਵੱਖ-ਵੱਖ ਗੁਰਮਤਿ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਕਵਿਤਾ, ਕਵੀਸ਼ਰੀ, ਢਾਡੀ ਕਲਾ ਅਤੇ ਭਾਸ਼ਣ ਰਾਹੀਂ ਇਤਿਹਾਸ ਸਾਂਝਾ ਕਰਨਗੇ। ਇਸ ਦੇ ਨਾਲ ਹੀ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ, ਜਿਸ ਵਿਚ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਸ਼ਤਾਬਦੀ ਦਾ ਮੁੱਖ ਸਮਾਗਮ ਬੁੱਧਵਾਰ ਨੂੰ ਕੀਤਾ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਹਸਤੀਆਂ ਅਤੇ ਰਾਗੀ, ਢਾਡੀ ਜਥੇ ਪੁੱਜਣਗੇ। ਜੈਤੋ ਮੋਰਚੇ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।






