ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜਟ ਪ੍ਰਗਤੀਸ਼ੀਲ, ਖ਼ੁਸ਼ਹਾਲ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ।
ਮਾਨ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜਨ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿਚ 40, 437 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।
ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ, ਮੁਫ਼ਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿਚ ਮੁਹਾਰਤ ਹਾਸਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਜੀਐੱਸਟੀ ਵਿਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਨਾਲ ਪਰਿਵਾਰ ਮਿਲਣੀ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਤੋਂ ਚੱਲੇਗੀ ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਸੂਬੇ ਦਾ ਖ਼ਜ਼ਾਨਾ ਕਦੇ ਵੀ ਖ਼ਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ।






