ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਦੇ ਪਿੰਡ ਗੁੱਜਰਾਂ ਅਤੇ ਢੰਡੋਲੀ ਵਿਖੇ ਨਕਲੀ ਸ਼ਰਾਬ ਪੀਣ ਨਾਲ ਹੋਇਆ ਮੌਤਾਂ ਦੇ ਪਰਿਵਾਰਾਂ ਨਾਲ ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਹਰ ਪਰਿਵਾਰ ਨੂੰ ਚੀਮਾ ਨੇ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਤੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਵਿੱਤ ਮੰਤਰੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਨਕਲੀ ਸ਼ਰਾਬ ਬਣਾਉਣ ਵਾਲਿਆਂ ਦਾ ਪੁਲਿਸ ਨੇ ਪਰਦਾਫਾਸ਼ ਕਰ ਦਿੱਤਾ ਹੈ ਤੇ ਇਸ ਕਾਂਡ ਦੇ ਦੋਸ਼ੀਆਂ ਨੂੰ ਫੜ ਲਿਆ ਹੈ। ਨਕਲੀ ਸ਼ਰਾਬ ਬਣਾਉਣ ਦਾ ਸਾਮਾਨ ਵੀ ਜ਼ਬਤ ਕਰ ਲਿਆ ਹੈ। ਇਸ ਤੋਂ ਇਲਾਵਾਂ ਇਸ ਮਾਮਲੇ ‘ਚ ਲਾਪਰਵਾਹੀ ਕਰਨ ਵਾਲੇ ਆਬਕਾਰੀ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਜੇਕਰ ਹੋਰ ਵੀ ਤੱਥ ਸਾਹਮਣੇ ਆਉਣਗੇ ਜਾਂ ਇਸ ਮਾਮਲੇ ਦੇ ਦੋਸ਼ੀ ਪਾਏ ਜਾਣਗੇ, ਚਾਹੇ ਉਹ ਵੱਡਾ ਵਿਅਕਤੀ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਤਿੰਨ ਆਹਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ੁਤਰਾਣਾ ਥਾਣੇ ਦੇ ਐਸਐਚਓ ਤੇ ਠਰੂਆ ਚੌਕੀ ਦੇ ਇੰਚਾਰਜ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਇਸ ਮੌਕੇ ਤਪਿੰਦਰ ਸਿੰਘ ਸੋਹੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ ਅਤੇ ਹੋਰ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।






