ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਮੁੱਚੀ ਲੀਡਰਸ਼ਿਪ ਪੰਥਕ ਏਕਤਾ ਖਿਲਾਫ਼ ਨਹੀਂ ਹੈ ਅਤੇ ਪਾਰਟੀ ਦੇ ਸਮੁੱਚੇ ਆਗੂ ਪੰਥਕ ਏਕਤਾ ਦੇ ਹੱਕ ਵਿਚ ਹਨ ਪਰੰਤੂ ਇਹ ਪੰਥਕ ਏਕਤਾ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿਚ ਹੀ ਹੋ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂਆਂ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਗਨਜੀਤ ਸਿੰਘ ਬਰਨਾਲਾ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਸਾਂਝੇ ਤੌਰ ’ਤੇ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਪੱਸ਼ਟ ਰੂਪ ਵਿਚ ਪੰਜਾਬ ਦੇ ਭਵਿੱਖ ਲਈ ਆਪਣੀ ਯੋਜਨਾ/ਪ੍ਰੋਗਰਾਮ ਬਾਰੇ ਦਸਤਾਵੇਜ਼ ਪੰਜਾਬ ਦੇ ਲੋਕਾਂ ਸਾਹਮਣੇ ਰੱਖਿਆ ਜਾਵੇਗਾ ਕਿ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਪਾਰਟੀ ਦੀ ਕੀ ਯੋਜਨਾ ਹੈ। ਇੱਕ ਸਵਾਲ ਦੇ ਜਵਾਬ ਵਿਚ ਸ੍ਰੀ ਢੀਂਡਸਾ ਅਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਲਦ ਹੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਕਰਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗਾ। ਜੇਕਰ ਕੇਂਦਰ ਨੇ ਜਲਦ ਚੋਣਾਂ ਕਰਵਾਉਣ ਦਾ ਵਾਅਦਾ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸੰਘਰਸ਼ ਦੀ ਰੂਪ ਰੇਖਾ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਰਜਿਸਟਰਡ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਕਰੀਬ ਦੋ ਮਹੀਨਿਆਂ ਦੌਰਾਨ ਪਾਰਟੀ ਰਜਿਸਟਰਡ ਹੋ ਜਾਵੇਗੀ।







