ਪਾਕਿਸਤਾਨ ਵਿੱਚ ਵਧਦੇ ਸਿਆਸੀ ਤਣਾਅ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।
ਇਹ ਪੇਸ਼ਕਸ਼ ਅਜਿਹੇ ਸਮੇਂ ਆਈ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 17-17 ਸਾਲ ਦੀ ਸਜ਼ਾ ਸੁਣਾਈ ਗਈ ਹੈ।
ਇਸਲਾਮਾਬਾਦ ਵਿੱਚ ਸੰਘੀ ਕੈਬਨਿਟ ਦੀ ਮੀਟਿੰਗ ਦੌਰਾਨ ਸ਼ਹਿਬਾਜ਼ ਨੇ ਕਿਹਾ ਕਿ ਜੇਕਰ ਪੀ.ਟੀ.ਆਈ. ਗੱਲਬਾਤ ਲਈ ਗੰਭੀਰ ਹੈ, ਤਾਂ ਸਰਕਾਰ ਵੀ ਪੂਰੀ ਤਰ੍ਹਾਂ ਤਿਆਰ ਹੈ।
ਸ਼ਹਿਬਾਜ਼ ਸ਼ਰੀਫ਼ ਨੇ ਸਪੱਸ਼ਟ ਕੀਤਾ ਕਿ ਗੱਲਬਾਤ ਤਾਂ ਹੀ ਅੱਗੇ ਵਧ ਸਕਦੀ ਹੈ ਜੇਕਰ ਇਹ ‘ਜਾਇਜ਼ ਮੁੱਦਿਆਂ’ ’ਤੇ ਹੋਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ‘ਬਲੈਕਮੇਲਿੰਗ’ ਨਾ ਕੀਤੀ ਜਾਵੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਦੂਜੇ ਪਾਸੇ, ਪੀ.ਟੀ.ਆਈ. ਦੀ ਸ਼ਮੂਲੀਅਤ ਵਾਲੇ ਵਿਰੋਧੀ ਗਠਜੋੜ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹਨ, ਹਾਲਾਂਕਿ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਗੱਲਬਾਤ ਦੀ ਇਹ ਪੇਸ਼ਕਸ਼ ਇਮਰਾਨ ਖ਼ਾਨ ਦੇ ਸਮਰਥਕਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਸੰਭਾਵੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
73 ਸਾਲਾ ਇਮਰਾਨ ਖ਼ਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ’ਤੇ ਸੈਂਕੜੇ ਕੇਸ ਚੱਲ ਰਹੇ ਹਨ। ਪਿਛਲੇ ਸਾਲ ਵੀ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਸ਼ੁਰੂ ਹੋਈ ਸੀ, ਪਰ 9 ਮਈ ਦੀ ਹਿੰਸਾ ਦੀ ਜਾਂਚ ਅਤੇ ਪੀ.ਟੀ.ਆਈ. ਕੈਦੀਆਂ ਦੀ ਰਿਹਾਈ ਵਰਗੇ ਮੁੱਦਿਆਂ ਕਾਰਨ ਪ੍ਰਕਿਰਿਆ ਰੁਕ ਗਈ ਸੀ। ਹੁਣ ਦੇਖਣਾ ਹੋਵੇਗਾ ਕਿ ਕੀ ਇਸ ਨਵੀਂ ਪੇਸ਼ਕਸ਼ ਨਾਲ ਪਾਕਿਸਤਾਨ ਦੀ ਸਿਆਸਤ ਵਿੱਚ ਸ਼ਾਂਤੀ ਪਰਤਦੀ ਹੈ ਜਾਂ ਨਹੀਂ।







