ਪੁਲੀਸ ਨੇ ਜੱਗੂ ਭਗਵਾਨਪੁਰੀਆ ਗਰੋਹ ਨਾਲ ਸਬੰਧਿਤ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਮੁਕਾਬਲੇ ਮਗਰੋਂ ਗ੍ਰਿਫਤਾਰ ਕੀਤਾ ਗਿਆ ਅਤੇ ਇਕ ਪੁਲੀਸ ਦੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ, ਦੋ ਕਿਰਪਾਨਾਂ, ਇੱਕ ਦਾਤਰ, ਇੱਕ ਕਾਰ ਅਤੇ ਇੱਕ ਬਿਨਾਂ ਨੰਬਰ ਮੋਟਰਸਾਈਕਲ ਬਰਾਮਦ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਅਦਿੱਤਿਆ ਰਾਜ ਉਰਫ ਅਦਿੱਤਿਆ ਵਾਸੀ ਨਾਲੰਦਾ ਬਿਹਾਰ, ਕੁਲਵਿੰਦਰ ਸਿੰਘ ਉਰਫ ਬਿੱਲਾ, ਵਿਕਰਮ ਸਿੰਘ ਉਰਫ ਮਾਮਨ, ਮਨਪ੍ਰੀਤ ਸਿੰਘ ਤਿੰਨੋਂ ਵਾਸੀ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਇਹ ਸਾਰੇ ਹੀ 18 ਤੋਂ 25 ਸਾਲ ਉਮਰ ਵਰਗ ਦੇ ਹਨ ਅਤੇ ਬੇਰੁਜ਼ਗਾਰ ਹਨ। ਆਦਿੱਤਿਆ ਨੇ ਇਲੈਕਟ੍ਰੋਨਿਕ ਇੰਜਨੀਅਰਿੰਗ ਦੀ ਸਿੱਖਿਆ ਪ੍ਰਾਪਤ ਕੀਤੀ ਹੋਈ ਹੈ ਜਦੋਂ ਕਿ ਬਾਕੀ ਸਾਰੇ ਬਾਰ੍ਹਵੀਂ ਤੱਕ ਪੜ੍ਹੇ ਹਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਰੇ ਹੀ ਜੱਗੂ ਭਗਵਾਨਪੁਰੀਆ ਗਰੋਹ ਦੇ ਮੈਂਬਰ ਹਨ ਅਤੇ ਇਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰ ਅੰਮ੍ਰਿਤ ਦਾਲਮ ਅਤੇ ਕੇਸ਼ਵ ਸ਼ਿਵਾਲਾ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਸਨ। ਇਹ ਸਾਰੇ ਟਾਰਗੇਟ ਕਿਲਿੰਗ ਅਤੇ ਫਿਰੌਤੀ ਮਾਮਲਿਆਂ ਨਾਲ ਜੁੜੇ ਹੋਏ ਹਨ।







