ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਪਿੰਡ ਠੀਕਰੀਵਾਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਦੇ ਵਾਅਦੇ ਸਬੰਧੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜ ਮੁੱਖ ਗਾਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ ਚਾਰ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਵੀਂ ਗਾਰੰਟੀ ਵੀ 2027 ਦੀਆਂ ਚੋਣਾਂ ਤੋਂ ਪਹਿਲਾਂ ਹਰ ਹਾਲ ਵਿੱਚ ਪੂਰੀ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਜਨਮ ਮਹਾਨ ਸ਼ਹਾਦਤਾਂ ਅਤੇ ਗੁਰਦੁਆਰਾ ਸਾਹਿਬਾਨ ਨੂੰ ਮਸੰਦਾਂ ਤੋਂ ਮੁਕਤ ਕਰਵਾਉਣ ਲਈ ਹੋਇਆ ਸੀ, ਪਰ ਅੱਜ ਇਹ ਪਾਰਟੀ ਸਿਰਫ਼ ਇੱਕ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਪਰਿਵਾਰਵਾਦ ਕਾਰਨ ਪੰਥ ਅਤੇ ਪੰਜਾਬ ਦਾ ਨੁਕਸਾਨ ਹੋਇਆ ਹੈ। ਹਲਕਾ ਬੰਗਾ ਤੋਂ ਵਿਧਾਇਕ ਦੇ ਅਸਤੀਫ਼ੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਗਲਤਫਹਿਮੀ ਦਾ ਮਾਮਲਾ ਹੈ। ਉਹ ਖ਼ੁਦ ਇਸ ਮਸਲੇ ਨੂੰ ਸੁਲਝਾਉਣ ਲਈ ਜਾ ਰਹੇ ਹਨ ਅਤੇ ਜਲਦੀ ਹੀ ਸਭ ਠੀਕ ਕਰ ਲਿਆ ਜਾਵੇਗਾ।
ਜਗਰਾਉਂ ਵਿੱਚ ਨਸ਼ੇ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਗੈਂਗਸਟਰਾਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਜਾਂ ਤਾਂ ਗੈਂਗਸਟਰ ਪੰਜਾਬ ਛੱਡ ਦੇਣ ਜਾਂ ਫਿਰ ਪੁਲੀਸ ਦੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ।
ਮੁਹਾਲੀ ਦੀਆਂ ਸੜਕਾਂ ਪ੍ਰਾਈਵੇਟ ਕੰਪਨੀ ਨੂੰ ਦੇਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਫਿਲਹਾਲ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।







