ਦੋਰਾਂਗਲਾ ਪੁਲੀਸ ਸਟੇਸ਼ਨ ਅਧੀਨ ਆਦੀਆਂ ਪੁਲੀਸ ਪੋਸਟ ’ਤੇ ਦੋ ਪੁਲੀਸ ਕਰਮਚਾਰੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦਰਜ ਮਾਮਲੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਧਾਰਾਵਾਂ ਲਾਈਆਂ ਗਈਆਂ ਹਨ ਜੋ ਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਹੱਤਿਆ ਨਾਲ ਸਬੰਧਤ ਹੈ। ਯੂਏਪੀਏ ਦਹਿਸ਼ਤੀ ਵਿਰੋਧੀ ਕਾਨੂੰਨ ਹੈ ਜੋ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ, ਸੰਗਠਨਾਂ ਅਤੇ ਅਤਿਵਾਦੀ ਨਾਲ ਸਬੰਧਤ ਕਾਰਵਾਈਆਂ ਨੂੰ ਰੋਕਣ ਲਈ ਬਣਾਇਆ ਗਿਆ ਹੈ ।
ਗੁਰਦਾਸਪੁਰ ਪੁਲੀਸ ਦਾਅਵਾ ਕਰਦੀ ਰਹੀ ਹੈ ਕਿ ਤਿੰਨੇ ਮੁਲਜ਼ਮ ਰਣਜੀਤ ਸਿੰਘ, ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਦੇ ਪਾਕਿਸਤਾਨ ਸਥਿਤ ਜਾਸੂਸੀ ਏਜੰਸੀ, ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨਾਲ ਸਬੰਧ ਹਨ। ਦਿਲਾਵਰ ਅਤੇ ਇੰਦਰਜੀਤ ਗ੍ਰਿਫ਼ਤਾਰ ਹਨ। ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੀਜੀਆਈ ਡਾਕਟਰਾਂ ਵੱਲੋਂ ਦੂਜਾ ਪੋਸਟਮਾਰਟਮ ਕਰਵਾਉਣ ਲਈ ਨਿਰਦੇਸ਼ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਭਲਕੇ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ।
ਦੱਸਣਾ ਬਣਦਾ ਹੈ ਕਿ ਪਰਿਵਾਰ ਨੇ ਮੁੜ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ, ਭਾਵੇਂ ਕਿ ਗੁਰਦਾਸਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਨੇ ਸਿਵਲ ਹਸਪਤਾਲ ਵਿੱਚ ਆਪਣੀ ਆਪਣੀ ਮੌਜੂਦਗੀ ਵਿੱਚ ਪੋਸਟਮਾਰਟਮ ਕਰਵਾਇਆ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪੁਲੀਸ ਦੇ ਜਵਾਨਾਂ ਦੇ ਕਤਲ ਵਿੱਚ ਰਣਜੀਤ ਸਿੰਘ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਦੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਸਬੂਤਾਂ ਦੀ ਕੋਈ ਕਮੀ ਨਹੀਂ ਹੈ।






