West Bengal SIR: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (BJP) ਅਤੇ ਚੋਣ ਕਮਿਸ਼ਨ ’ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਵਿਸ਼ੇਸ਼ ਸੁਧਾਰ ਪ੍ਰਕਿਰਿਆ (SIR) ਦੇ ਨਾਂ ’ਤੇ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਨਾਂ ਕੱਟਣਾ ਸੂਬੇ ਨੂੰ ਵੰਡਣ ਦੀ ਇੱਕ ਡੂੰਘੀ ਸਾਜ਼ਿਸ਼ ਹੈ।
ਕੋਲਕਾਤਾ ਵਿੱਚ ਚੱਲ ਰਹੇ ਆਪਣੇ ਧਰਨੇ ਦੇ ਦੂਜੇ ਦਿਨ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਬੰਗਾਲੀ ਬੋਲਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਫਾਇਦਾ ਪਹੁੰਚਾਇਆ ਜਾ ਸਕੇ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਈ ਜਿਊਂਦੇ ਵੋਟਰਾਂ ਨੂੰ ਕਾਗਜ਼ਾਂ ਵਿੱਚ ‘ਮ੍ਰਿਤਕ’ ਦਿਖਾ ਕੇ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਉਹ ਜਲਦੀ ਹੀ ਮੀਡੀਆ ਅਤੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨਗੇ।
ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਜਾਰੀ ਅੰਕੜਿਆਂ ਅਨੁਸਾਰ, ਨਵੰਬਰ ਤੋਂ ਹੁਣ ਤੱਕ ਲਗਭਗ 63.66 ਲੱਖ ਵੋਟਰਾਂ ਦੇ ਨਾਂ ਕੱਟੇ ਗਏ ਹਨ, ਜੋ ਕਿ ਕੁੱਲ ਵੋਟਰਾਂ ਦਾ 8.3 ਫੀਸਦੀ ਬਣਦਾ ਹੈ। ਇਸ ਤੋਂ ਇਲਾਵਾ 60 ਲੱਖ ਤੋਂ ਵੱਧ ਵੋਟਰਾਂ ਦੀ ਯੋਗਤਾ ਅਜੇ ਵੀ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਹੈ।
ਮਮਤਾ ਬੈਨਰਜੀ ਨੇ ਕਿਹਾ ਕਿ ਇਹ ਸਭ ਕੁਝ ਚੋਣਾਂ ਤੋਂ ਪਹਿਲਾਂ ਵੋਟਰ ਅਧਾਰ ਨੂੰ ਪ੍ਰਭਾਵਿਤ ਕਰਨ ਲਈ ਕੀਤਾ ਜਾ ਰਿਹਾ ਹੈ। ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਵੱਡੇ ਇਕੱਠ ਦਰਮਿਆਨ ਇਹ ਪ੍ਰਦਰਸ਼ਨ ਉਸ ਸਮੇਂ ਹੋ ਰਿਹਾ ਹੈ, ਜਦੋਂ ਚੋਣ ਕਮਿਸ਼ਨ ਦਾ ਫੁੱਲ ਬੈਂਚ ਜਲਦੀ ਹੀ ਸੂਬੇ ਦਾ ਦੌਰਾ ਕਰਨ ਵਾਲਾ ਹੈ।






