Punjab News: ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਮੁੱਚੇ ਕਾਂਗਰਸੀ ਵਿਧਾਇਕਾਂ ਸਮੇਤ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਜੁੜੇ ਬੁਨਿਆਦੀ ਮੁੱਦਿਆਂ ’ਤੇ ਚਰਚਾ ਕਰਨ ਤੋਂ ਕਤਰਾ ਰਹੀ ਹੈ।
ਉਨ੍ਹਾਂ ਇਲਜ਼ਾਮ ਲਾਇਆ ਕਿ ਜਦੋਂ ਵੀ ਕਾਂਗਰਸੀ ਵਿਧਾਇਕ ਸਦਨ ਵਿੱਚ ਜਨਤਕ ਮਸਲੇ ਉਠਾਉਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਸਰਕਾਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੰਦੀ ਅਤੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਮੁਲਾਜ਼ਮਾਂ ਅਤੇ ਕਿਸਾਨਾਂ ਦੇ ਮੁੱਦੇ ਚੁੱਕਦਿਆਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ (OPS) ਅਤੇ ਡੀ.ਏ. (DA) ਦੇਣ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਬਾਜਵਾ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਜਪਾ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ ਅਤੇ ਗੁਜਰਾਤ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ 14 ਫੀਸਦੀ ਵੋਟਾਂ ਲੈ ਕੇ ਇਸ ਪਾਰਟੀ ਨੇ ਅਸਿੱਧੇ ਤੌਰ ’ਤੇ ਭਾਜਪਾ ਦੀ ਹੀ ਮਦਦ ਕੀਤੀ ਸੀ।






