ਦਿੱਲੀ ਕੇਸ ਵਿੱਚ ਬਰੀ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਪਰਿਵਾਰ ਸਮੇਤ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਆਖਿਆ ਕਿ ਅੱਜ ਗੁਰੂ ਨਗਰੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਗੁਰੂ ਚਰਨਾਂ ’ਚ ਸੀਸ ਨਿਵਾਇਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਦੇਸ਼ ਵਿਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣੇ ਰਹਿਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 27 ਫਰਵਰੀ 2026 ਨੂੰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਇਸ ਹਾਈ-ਪ੍ਰੋਫਾਈਲ ਕੇਸ ਵਿੱਚੋਂ ਬਰੀ ਕਰ ਦਿੱਤਾ ਸੀ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਕੇਂਦਰੀ ਜਾਂਚ ਏਜੰਸੀ (CBI) ਕੇਜਰੀਵਾਲ ਅਤੇ ਸਿਸੋਦੀਆ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ ਦੇ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫ਼ਲ ਰਹੀ ਹੈ। ਜੱਜ ਨੇ ਜਾਂਚ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਾਂਚ ਏਜੰਸੀ ਕੋਲ ਇਨ੍ਹਾਂ ਆਗੂਆਂ ਦੇ ਖਿਲਾਫ ਕੋਈ ਪੁਖਤਾ ਸਬੂਤ ਨਹੀਂ ਸਨ, ਜਿਸ ਕਾਰਨ ਸਾਰੇ ਮੁਲਜ਼ਮਾਂ ਨੂੰ ਦੋਸ਼ਮੁਕਤ ਕਰ ਦਿੱਤਾ ਗਿਆ।
ਇਹ ਮਾਮਲਾ ਲਗਪਗ ਚਾਰ ਸਾਲਾਂ ਤੱਕ ਚੱਲਿਆ ਜਿਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਜਾਂਚ ਏਜੰਸੀਆਂ ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੀ ਸ਼ਰਾਬ ਨੀਤੀ ਬਣਾਉਣ ਵੇਲੇ ਕੁਝ ਖਾਸ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਇਆ ਗਿਆ ਸੀ ਅਤੇ ਬਦਲੇ ਵਿੱਚ ਰਿਸ਼ਵਤ ਲਈ ਗਈ ਸੀ। ਹਾਲਾਂਕਿ, ਅਦਾਲਤ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਇਸੇ ਜਿੱਤ ਦੀ ਖੁਸ਼ੀ ਅਤੇ ਸ਼ੁਕਰਾਨਾ ਕਰਨ ਲਈ ਅੱਜ ਕੇਜਰੀਵਾਲ ਅਤੇ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।






